Punjab
ਸੰਘਣੀ ਧੁੰਦ ਬਣੀ ਕਾਲ, ਇਕੋ ਪਰਿਵਾਰ ਦੇ 3 ਜੀਆਂ ਨੂੰ ਗੁਆਉਣੀ ਪਈ ਜਾਨ!
ਪੰਜਾਬ ਭਰ ਵਿੱਚ ਜਿੱਥੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਉੱਥੇ ਹੀ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਘਟਨਾ ਫਗਵਾੜਾ ਵਿਖੇ ਵਾਪਰੀ ਹੈ, ਜਿੱਥੇ ਭਿਆਨਕ ਹਾਦਸੇ ਦੌਰਾਨ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਰੋਡ ਨੇੜੇ ਪਿੰਡ ਜਗਜੀਤਪੁਰ ਵਿਖੇ ਇਕ ਬੱਸ ਤੇ ਰੇਹੜੇ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋਈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਜ਼ਖ਼ਮੀਆਂ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇੰਝ ਵਾਪਰਿਆ ਹਾਦਸਾ-
ਪਤਾ ਲੱਗਿਆ ਹੈ ਕਿ ਇਕ ਪਰਿਵਾਰ ਮੋਟਰਸਾਈਕਲ ਵਾਲੇ ਰੇੜੇ ‘ਤੇ ਸਵਾਰ ਹੋ ਕੇ ਜਾ ਰਿਹਾ ਸੀ, ਤਾਂ ਜਦੋਂ ਉਹ ਜਗਜੀਤਪੁਰ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਨਿੱਜੀ ਬੱਸ ਦੀ ਉਨ੍ਹਾਂ ਨਾਲ ਸਿੱਧੀ ਟੱਕਰ ਹੋ ਗਈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਰਾਮਪਾਲ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਜਦੋਂ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਵਾਲੇ ਰੇੜੇ ‘ਤੇ ਪੰਜ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ ਹਨ। ਉਧਰ ਇਸ ਸਾਰੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਸਮੇਤ ਪੁਲਸ ਪਾਰਟੀ ਮੌਕੇ ‘ਤੇ ਪੁੱਜੇ ਅਤੇ ਅਗਲੀ ਕਾਰਵਾਈ ਸ਼ੁਰੂ ਕੀਤੀ।