punjab
ਨੈਸ਼ਨਲ ਅਚੀਵਮੈਂਟ ਸਰਵੇ ਲਈ ਸਿੱਖਿਆ ਵਿਭਾਗ ਹੋਇਆ ਪੱਬਾਂ ਭਾਰ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਸਕੂਲਾਂ ਨਾਲ ਜੁੜੇ ਹਰੇਕ ਸ਼ਖਸ਼ ਨੂੰ ਜਾਗਰੂਕ ਕਰਨ ਦੀ ਮੁਹਿੰਮ ਸਿਖਰਾਂ ‘ਤੇ ਪਹੁੰਚਾ ਦਿੱਤੀ ਹੈ। ਜਿਸ ਤਹਿਤ ਸਕੂਲ ਮੁਖੀਆਂ ਨੂੰ ਸਿਖਲਾਈ ਦੇਣ ਤੋਂ ਬਾਅਦ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦੌਰਾਨ ਨੈਸ ਪ੍ਰਤੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਹਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਬਿਹਤਰੀਨ ਪੜ੍ਹਾਈ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ ਨਾਲ ਮਾਪਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੁੰਦਾ ਹੈ।
ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀਆਂ ਪ੍ਰਾਪਤੀਆਂ ਅਤੇ ਕਮੀਆਂ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਭਵਿੱਖ ਦੀ ਯੋਜਨਾ ਬਣਾਉਣ ਲਈ ਵਿਭਾਗੀ ਹਦਾਇਤਾਂ ਅਨੁਸਾਰ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ 26 ਅਤੇ 27 ਜੁਲਾਈ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕੀਤੀ ਗਈ। ਮਾਪਿਆਂ ਨੂੰ ਵਿਦਿਆਰਥੀਆਂ ਦੀ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਟੈਸਟ ਬਾਰੇ ਵੀ ਦੱਸਿਆ ਗਿਆ।ਮਾਪਿਆਂ ਦੇ ਨਾਲ ਨਾਲ ਸਕੂਲਾਂ ‘ਚ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤੀ ਨੁਮਾਇੰਦਿਆਂ, ਕਲੱਬ ਮੈਂਬਰਾਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨੂੰ ਪਿਛਲੇ ਦਿਨੀਂ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਪੰਜਾਬ ਵੱਲੋਂ ਸਕੂਲ ਸਿੱਖਿਆ ਖੇਤਰ ‘ਚ ਦੇਸ਼ ਭਰ ਵਿੱਚੋਂ ਪ੍ਰਾਪਤ ਕੀਤੀ ਪਹਿਲੀ ਪੁਜ਼ੀਸ਼ਨ ਬਾਰੇ ਵੀ ਦੱਸਿਆ ਗਿਆ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਕੂਲਾਂ ‘ਚ ਮਾਪਿਆਂ ਦੀ ਸ਼ਮੂਲੀਅਤ ਉਤਸ਼ਾਹਜਨਕ ਰਹੀ ਅਤੇ ਅਧਿਆਪਕਾਂ ਵੱਲੋਂ ਸਕੂਲ ਪਹੁੰਚੇ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਵੱਲੋਂ ਜੁਲਾਈ ਮਹੀਨੇ ਦੀ ਆਨਲਾਈਨ ਪ੍ਰੀਖਿਆ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਗਿਆ। ਮਾਪਿਆਂ ਨੂੰ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਆਨਲਾਈਨ ਜਮਾਤਾਂ, ਦੂਰਦਰਸ਼ਨ ਤੋਂ ਜਮਾਤਾਂ ਅਤੇ ਐਜੂਕੇਅਰ ਐਪ ਆਦਿ ਦੇ ਕੀਤੇ ਜਾ ਰਹੇ ਉਪਰਾਲਿਆਂ ਤੋਂ ਵੀ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਉਪਲਬਧ ਕਰਵਾਈ ਗਈ ਸਹਾਇਕ ਪੜ੍ਹਨ ਸਮੱਗਰੀ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਇਸ ਦੇ ਵੱਧ ਤੋਂ ਵੱਧ ਇਸਤੇਮਾਲ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ।