Punjab
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀ ਬੈਂਕਿੰਗ ਕਾਰਜਪ੍ਰਣਾਲੀ ਦੀ ਸਮੀਖਿਆ
ਪਟਿਆਲਾ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀ ਬੈਂਕਿੰਗ ਕਾਰਜਪ੍ਰਣਾਲੀ ਦੀ ਸਮੀਖਿਆ ਕਰਦਿਆ ਕਿਹਾ ਹੈ ਕਿ ਲੋਕਾਂ ਨੂੰ ਬਿਹਤਰੀਨ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਅਤੇ ਮਿਥੇ ਟੀਚੇ ਪੂਰੇ ਕਰਨ ਲਈ ਜ਼ਿਲ੍ਹੇ ਦੇ ਸਮੂਹ ਬੈਂਕ ਕੰਮ ਕਰਨ। ਉਨ੍ਹਾਂ ਕਿਹਾ ਕਿ ਚੰਗੀਆਂ ਬੈਂਕਿੰਗ ਸੇਵਾਵਾਂ ਦੇਣ ਵਾਲੇ ਬੈਂਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਅਤੇ ਚੰਗੀ ਕਾਰਗੁਜ਼ਾਰੀ ਨਾ ਦਿਖਾਉਣ ਵਾਲੇ ਬੈਂਕਾਂ ਸਬੰਧੀ ਵੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਰੀਵਿਯੂ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਘਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਬੈਂਕਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਖੇਤੀਬਾੜੀ ਸਮੇਤ ਸਵੈ-ਰੋਜ਼ਗਾਰ ਅਤੇ ਕਾਰੋਬਾਰ ਨੂੰ ਵਧਾਉਣ ਲਈ ਪ੍ਰਦਾਨ ਕੀਤੇ ਜਾਂਦੇ ਕਰਜ਼ਿਆਂ ਦੀ ਪ੍ਰਕ੍ਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਰਜ਼ਾ ਲੈਣ ਵਾਲੇ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਪੰਜਾਬ ਗ੍ਰਾਮੀਣ ਬੈਂਕ ਵੱਲੋਂ 174 ਸਵੈ ਸਹਾਇਤਾ ਗਰੁੱਪਾਂ ਨੂੰ ਦਿੱਤੇ 2.38 ਕਰੋੜ ਦੇ ਕਰਜ਼ੇ ਅਤੇ 49 ਜੇ.ਐਲ.ਜੀ. ਨੂੰ ਦਿੱਤੇ 98.86 ਲੱਖ ਦੇ ਕਰਜ਼ੇ ਸਮੇਤ ਸਹਿਕਾਰੀ ਬੈਂਕ ਵੱਲੋਂ 650 ਔਰਤਾਂ ਨੂੰ ਦਿੱਤੇ ਕਰਜ਼ੇ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਅਜਿਹੇ ਕਰਜ਼ੇ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨਾਂ ਲਈ ਵਰਦਾਨ ਹੁੰਦੇ ਹਨ। ਉਨ੍ਹਾਂ ਹੋਰਨਾਂ ਬੈਂਕਾਂ ਨੂੰ ਵੀ ਖੇਤੀਬਾੜੀ, ਸਵੈ-ਰੋਜ਼ਗਾਰ ਤੇ ਕਾਰੋਬਾਰ ਵਧਾਉਣ ਲਈ ਕਰਜ਼ੇ ਪ੍ਰਦਾਨ ਕਰਨ ਦੀ ਪ੍ਰਕ੍ਰਿਆ ਨੂੰ ਸੁਖਾਲਾ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਬੈਂਕਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਚੁਸਤ ਦਰੁਸਤ ਬਣਾਉਣ ਦੇ ਮਕਸਦ ਨਾਲ ਅਤੇ ਮਿਥੇ ਟੀਚਿਆਂ ਦੀ ਸਮੇਂ ਸਮੇਂ ‘ਤੇ ਸਮੀਖਿਆ ਕਰਨ ਲਈ ਹਰੇਕ ਮਹੀਨੇ ਏ.ਡੀ.ਸੀ. ਦੀ ਪ੍ਰਧਾਨਗੀ ਹੇਠ ਮੀਟਿੰਗ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਮੀਟਿੰਗ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜੀ ਜਾਵੇ ਅਤੇ ਹਰੇਕ ਤਿਮਾਹੀ ਮੀਟਿੰਗ ‘ਚ ਇਸ ਦੀ ਵੀ ਸਮੀਖਿਆ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਉਨ੍ਹਾਂ ਬੈਂਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ ਅਤੇ ਨਗ਼ਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜਰਵ ਬੈਂਕ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਸਖ਼ਤੀ ਨਾਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਬੈਂਕਾਂ ‘ਚੋਂ ਕੇਸ ਭੇਜਣ ਤੋਂ ਪਹਿਲਾਂ ਪੁਲਿਸ ਨੂੰ ਸੂਚਿਤ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਬੈਂਕ ਦੀ ਸੁਰੱਖਿਆ ਲਈ ਤਾਇਨਾਤ ਸਕਿਉਰਿਟੀ ਦੀ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਟ੍ਰੇਨਿੰਗ ਵੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨਵੀਂ ਬਰਾਂਚ ਖੋਲਣ ਸਮੇਂ ਸਬੰਧਤ ਖੇਤਰ ਦੇ ਥਾਣੇ ਨੂੰ ਵੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸੁਰੱਖਿਆ ਸਬੰਧੀ ਪੁਖਤਾ ਇੰਤਜ਼ਾਮ ਕੀਤੇ ਜਾ ਸਕਣ।
ਲੀਡ ਬੈਂਕ ਮੈਨੇਜਰ ਪ੍ਰਿਤਪਾਲ ਸਿੰਘ ਅਨੰਦ ਨੇ ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੈਂਕਾਂ ਦੀ ਸੁਰੱਖਿਆ ਲਈ ਡੀ.ਐਸ.ਪੀ. ਸੁਰੱਖਿਆ ਵੱਲੋਂ ਸਮੀਖਿਆ ਸਮੇਤ ਵੱਖ-ਵੱਖ ਖੇਤਰਾਂ ‘ਚ ਬੈਂਕਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਸਮੀਖਿਆ ਕੀਤੀ ਗਈ।
ਮੀਟਿੰਗ ‘ਚ ਆਰ.ਬੀ.ਆਈ. ਦੇ ਗਰਿਮਾ ਬਸੀ ਸਮੇਤ ਨਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ ਨੇ ਵੀ ਭਾਗ ਲਿਆ ਅਤੇ ਆਰ.ਬੀ.ਆਈ. ਵੱਲੋਂ ਵਿਤੀ ਸਮਾਵੇਸ਼ਨ ਲਈ ਰਾਸ਼ਟਰੀ ਰਣਨੀਤੀ ਸਮੇਤ ਨਬਾਰਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਡੀ.ਐਸ.ਪੀ. ਸਥਾਨਕ ਨੇਹਾ ਅਗਰਵਾਲ ਸਮੇਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਮੌਜੂਦ ਸਨ।