Punjab
ਕੁੱਤੇ ਦੇ ਕੱਟਣ ‘ਤੇ ਪੀੜਤ ਹੋਵੇਗਾ ਮੁਆਵਜ਼ੇ ਦਾ ਹੱਕਦਾਰ, ਹਰੇਕ ਦੰਦ ਦੇ ਨਿਸ਼ਾਨ ‘ਤੇ ਦਿੱਤੇ ਜਾਣਗੇ 10,000 ਰੁਪਏ
15 ਨਵੰਬਰ 2023: ਪੰਜਾਬ, ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਹੁਣ ਆਵਾਰਾ ਅਤੇ ਪਾਲਤੂ ਕੁੱਤਿਆਂ ਦੇ ਵੱਢਣ ਦੇ ਮਾਮਲੇ ਵਿੱਚ ਪ੍ਰਤੀ ਦੰਦ 10,000 ਰੁਪਏ ਦਾ ਮੁਆਵਜ਼ਾ ਤੈਅ ਕੀਤਾ ਹੈ। ਇਸ ਦੇ ਨਾਲ ਹੀ ਮਾਸ ਪਾੜਨ ਦੀ ਸੂਰਤ ਵਿੱਚ ਹਰ 0.2 ਸੈਂਟੀਮੀਟਰ ਲਈ 20 ਹਜ਼ਾਰ ਰੁਪਏ ਅਦਾ ਕਰਨੇ ਪੈਣਗੇ। ਹਾਈਕੋਰਟ ਨੇ ਸਿੱਧੇ ਤੌਰ ‘ਤੇ ਸਰਕਾਰ ਦੀ ਜ਼ਿੰਮੇਵਾਰੀ ਤੈਅ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਮੁਆਵਜ਼ਾ ਰਾਸ਼ੀ ਜਾਰੀ ਕਰਨ ‘ਚ ਕੋਈ ਦੇਰੀ ਨਾ ਹੋਵੇ, ਹਾਲਾਂਕਿ ਬਾਅਦ ‘ਚ ਉਹ ਸਬੰਧਤ ਵਿਭਾਗ ਜਾਂ ਦੋਸ਼ੀਆਂ ਤੋਂ ਇਸ ਦੀ ਵਸੂਲੀ ਕਰ ਸਕੇਗੀ।
ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਸਬੰਧੀ 193 ਪਟੀਸ਼ਨਾਂ ਦੀ ਸੁਣਵਾਈ ਚੱਲ ਰਹੀ ਸੀ। ਇਸ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਹਰਿਆਣਾ ਅਤੇ ਪੰਜਾਬ ਸਰਕਾਰਾਂ ਨੇ ਪਸ਼ੂਆਂ ਕਾਰਨ ਸੜਕ ਹਾਦਸਿਆਂ ਵਿੱਚ ਜਾਨ ਗੁਆਉਣ ਵਾਲਿਆਂ ਨੂੰ ਮੁਆਵਜ਼ਾ ਦੇਣ ਲਈ ਨੀਤੀ ਤਿਆਰ ਕੀਤੀ ਹੈ ਪਰ ਚੰਡੀਗੜ੍ਹ ਪ੍ਰਸ਼ਾਸਨ ਅਤੇ ਐਨ.ਐਚ.ਏ.ਆਈ. ਅਕਸਰ ਪਸ਼ੂਆਂ ਕਾਰਨ ਵਾਪਰਨ ਵਾਲੇ ਹਾਦਸਿਆਂ ਦੇ ਮਾਮਲੇ ਵਿੱਚ ਲੋਕਾਂ ਨੂੰ ਪਤਾ ਨਹੀਂ ਹੁੰਦਾ ਕਿ ਮੁਆਵਜ਼ਾ ਲੈਣ ਲਈ ਕਿੱਥੇ ਜਾਣਾ ਹੈ ਅਤੇ ਸਰਕਾਰੀ ਏਜੰਸੀਆਂ ਇੱਕ ਦੂਜੇ ‘ਤੇ ਜ਼ਿੰਮੇਵਾਰੀ ਥੋਪਣ ਦਾ ਕੰਮ ਕਰਦੀਆਂ ਹਨ। ਅਜਿਹੀ ਸਥਿਤੀ ਵਿੱਚ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਪੀੜਤਾਂ ਦੇ ਆਸ਼ਰਿਤਾਂ ਨੂੰ ਉਚਿਤ ਅਤੇ ਸਮੇਂ ਸਿਰ ਮੁਆਵਜ਼ਾ ਮਿਲੇ।