Punjab
ਡਾ: ਵਿਜੇ ਸਿੰਗਲਾ ਵੱਲੋਂ ਪੰਜਾਬ ਰਾਜ ਦੇ ਵਸਨੀਕਾਂ ਨੂੰ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨੀਤੀ ਬਣਾਉਣ ਦੇ ਹੁਕਮ

ਚੰਡੀਗੜ੍ਹ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੇ ਸਿੰਗਲਾ ਨੇ ਮੰਗਲਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਦੇ ਵਸਨੀਕਾਂ ਨੂੰ ਸਸਤੀਆਂ ਸਿਹਤ ਸੇਵਾਵਾਂ ‘ਤੇ ਕੇਂਦ੍ਰਿਤ ਕਰਨ ਵਾਲੀ ਨੀਤੀ ਦਾ ਖਰੜਾ ਤਿਆਰ ਕਰਨ।
ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਅਤੇ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦੀਆਂ ਗਾਰੰਟੀਆਂ ਦਾ ਵੀ ਹਿੱਸਾ ਹੈ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ।
ਮੀਟਿੰਗ ਦੌਰਾਨ ਹਸਪਤਾਲਾਂ ਵੱਲੋਂ ਦਿੱਤੀਆਂ ਜਾ ਰਹੀਆਂ ਮੁੱਖ ਸੇਵਾਵਾਂ ਦੀਆਂ ਦਰਾਂ ਤੈਅ ਕਰਨ ਦੇ ਮੁੱਦੇ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਸਿਹਤ ਸੇਵਾਵਾਂ ਲਈ ਦਰਾਂ ਤੈਅ ਕਰਨ ਬਾਰੇ ਵੀ ਚਰਚਾ ਕੀਤੀ ਗਈ।
ਸਿਹਤ ਮੰਤਰੀ ਨੇ ਕਿਹਾ ਕਿ ਸਸਤੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨੀਤੀ ਬਣਾਉਣ ਸਮੇਂ ‘ਸਿਹਤ ਸੰਭਾਲ ਵਿੱਚ ਇੱਕ ਪੰਜਾਬ ਇੱਕ ਕੀਮਤ’ ਦਾ ਧਿਆਨ ਰੱਖਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸੇਵਾਵਾਂ ਦੀਆਂ ਦਰਾਂ ਨਿਰਧਾਰਤ ਕਰਦੇ ਸਮੇਂ ਹਸਪਤਾਲਾਂ ਦੇ ਸ਼ਹਿਰ ਅਤੇ ਸਮਰੱਥਾ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ।
ਆਯੁਰਵੇਦ ਅਤੇ ਹੋਮਿਓਪੈਥੀ ਨੂੰ ਹੋਰ ਹੁਲਾਰਾ ਦੇਣ ਦੀ ਹਦਾਇਤ ਕਰਦਿਆਂ ਡਾ. ਸਿੰਗਲਾ ਨੇ ਅਧਿਕਾਰੀਆਂ ਨੂੰ ਦਵਾਈਆਂ ਦੀ ਕੀਮਤ ਅਤੇ ਵਿਕਲਪਕ ਦਵਾਈਆਂ ਬਾਰੇ ਐਪ ਬਣਾਉਣ ਲਈ ਵੀ ਕਿਹਾ ਤਾਂ ਜੋ ਲੋਕਾਂ ਨੂੰ ਸਹੀ ਜਾਣਕਾਰੀ ਮਿਲ ਸਕੇ।
ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਹੁਸਨ ਲਾਲ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਨੀਲਿਮਾ, ਐਮ.ਡੀ.ਐਨ.ਐਚ.ਐਮ ਤੇਜ ਪ੍ਰਤਾਪ ਸਿੰਘ ਫੂਲਕਾ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ ਸਿੰਘ ਵੀ ਹਾਜ਼ਰ ਸਨ।