Punjab
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਪ੍ਰੋਗਰਾਮ ਉਲੀਕੇ ਗਏ : ਜਗਦੀਪ ਚੀਮਾ
![](https://worldpunjabi.tv/wp-content/uploads/2022/09/IMG_20220909_125321.jpg)
ਫਤਹਿਗੜ੍ਹ ਸਾਹਿਬ:
ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗਡ਼੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ, ਜਥੇਦਾਰ ਮਨਮੋਹਨ ਸਿੰਘ ਮਕਾਰੋਂਪੁਰ ਆਗੂਆਂ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਹਮਲੇ ਅਤੇ ਨਵੰਬਰ 1984 ਵਿਚ ਸਿੱਖਾਂ ਦੇ ਕਤਲੇਆਮ ਉਪਰੰਤ ਬਹੁਤ ਸਾਰੇ ਸਿੱਖ ਨੌਜਵਾਨਾਂ ਉੱਤੇ ਮੁਕੱਦਮੇ ਚਲਾ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਗਈਆਂ, ਪ੍ਰੰਤੂ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਪੂਰੀਆਂ ਹੋ ਜਾਣ ਦੇ ਬਾਵਜੂਦ ਵੀ ਇਨ੍ਹਾਂ ਬੰਦੀ ਸਿੰਘਾਂ ਨੂੰ, ਨਾ ਤਾਂ ਭਾਰਤ ਸਰਕਾਰ, ਨਾ ਹੀ ਸੂਬਿਆਂ ਦੀਆਂ ਸਰਕਾਰਾਂ ਤੇ ਨਾ ਹੀ ਕਿਸੇ ਅਦਾਲਤ ਵਲੋਂ ਰਿਹਾ ਕੀਤਾ ਗਿਆ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਹ ਵਾਰ ਵਾਰ ਮੰਗ ਕੀਤੀ ਜਾ ਰਹੀ ਹੈ ਕਿ ਲੰਮੇ ਸਮੇਂ ਤੋਂ ਦੇਸ਼ ਦੇ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਪ੍ਰੰਤੂ ਸਰਕਾਰਾਂ ਦੇ ਕੰਨਾਂ ਤੇ ਜੂੰ ਤੱਕ ਨਹੀਂ ਸਰਕ ਰਹੀ ਜਿਸ ਕਾਰਨ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ ਉਤੇ ਅਮਲ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇਜ਼ ਕੀਤੇ ਗਏ ਹਨ, ਜਿਸ ਦੀ ਕੜੀ ਤਹਿਤ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗਡ਼੍ਹ ਸਾਹਿਬ ਤੋਂ ਰੋਸ ਮਾਰਚ ਆਰੰਭ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਿਹਗਡ਼੍ਹ ਸਾਹਿਬ ਤੱਕ ਕੱਢਿਆ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਰੋਸ ਮਾਰਚ ਕੀਤਾ ਜਾਵੇਗਾ ਰੋਸ ਮਾਰਚ ਉਪਰੰਤ ਗਵਰਨਰ ਅਤੇ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪੇ ਜਾਣਗੇ ਜੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਡੇ ਪੱਧਰ ਤੇ ਇਕੱਠ ਕਰਨ ਲਈ ਸਮੁੱਚੀਆਂ ਸਮਾਜ ਸੇਵੀ ਜਥੇਬੰਦੀਆਂ, ਸਿੰਘ ਸਭਾਵਾਂ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਵੱਖੋ ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੇ ਹੋਰ ਨੁਮਾਇੰਦਿਆਂ ਨੂੰ ਬਾਕਾਇਦਾ ਲਿਖਤੀ ਤੌਰ ਤੇ ਬੇਨਤੀ ਪੱਤਰ ਭੇਜੇ ਗਏ ਹਨ ਕਿ ਇਸ ਰੋਸ ਮਾਰਚ ਵਿਚ ਸ਼ਾਮਲ ਹੋ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਵਿੱਚ ਅਹਿਮ ਯੋਗਦਾਨ ਅਦਾ ਕੀਤਾ ਜਾਵੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਰਿੰਦਰ ਸਿੰਘ ਰਸੀਦਪੁਰਾ ਗੁਰਦੀਪ ਸਿੰਘ ਨੌਲੱਖਾ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਅਮਰਜੀਤ ਸਿੰਘ ਹੈੱਡ, ਗੁਰਇਕਬਾਲ ਸਿੰਘ ਮਾਨ, ਪਰਮਿੰਦਰ ਸਿੰਘ, ਅਤੇ ਹੋਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਸਾਹਿਬਾਨ ਵੀ ਹਾਜ਼ਰ ਸਨ ।