Connect with us

Punjab

ਸ਼ਹੀਦੀ ਪੰਦਰਵਾੜੇ ਦੌਰਾਨ ਸਿੱਖ ਕੌਮ ਘਰਾਂ ‘ਚ ਖ਼ੁਸ਼ੀ ਦੇ ਸਮਾਗਮ ਨਾ ਕਰੇ : ਜਥੇਦਾਰ

Published

on

ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਖੁਸ਼ੀ ਦੇ ਸਮਾਗਮ ਨਾ ਕਰਨ ਦੀ ਅਪੀਲ ਕੀਤੀ ਗਈ ਹੈ |ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹੀਦੀ ਪੰਦਰਵਾੜੇ ਦੌਰਾਨ ਘਰਾਂ ਵਿਚ ਖ਼ੁਸ਼ੀ ਦੇ ਸਮਾਗਮ ਨਾ ਕਰਨ ਅਤੇ ਸ਼ਹੀਦੀ ਸਭਾ ਦੇ ਸਮਾਗਮਾਂ ਵਿਚ ਸਾਦੇ ਰੂਪ ਵਿਚ ਸ਼ਾਮਲ ਹੋਣ।

ਉਹ ਇਥੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਦੇ ਸੰਸਕਾਰਕ ਅਸਥਾਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁੰਬਦ ’ਤੇ ਸੋਨਾ ਪਰਤ ਚੜ੍ਹਾਉਣ ਦੀ ਸੇਵਾ ਮੌਕੇ ਅਰਦਾਸ ਸਮਾਗਮ ਵਿਚ ਸ਼ਾਮਲ ਹੋਣ ਉਪਰੰਤ ਕਹੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਵਾਰ ਦੀ ਲਸਾਨੀ ਕੁਰਬਾਨੀ ਦੀ ਦੁਨੀਆਂ ਦੇ ਕਿਸੇ ਵੀ ਧਰਮ ਵਿਚ ਕੋਈ ਮਿਸਾਲ ਨਹੀਂ ਮਿਲਦੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੁਰਬਾਨੀ ਭਰੀ ਸ਼ਹਾਦਤ ਹੋਵੇਗੀ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਵਿੱਤਰ ਸਥਾਨਾਂ ’ਤੇ ਆਉਣ ਸਮੇਂ ਕਿਸੇ ਤਰ੍ਹਾਂ ਦੀ ਹੁਲੜਬਾਜ਼ੀ ਨਾ ਕਰਨ। ਉਨ੍ਹਾਂ ਸਮੂਹ ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀਆਂ ਨੂੰ ਵੀ ਕਿਹਾ ਕਿ ਲੰਗਰਾਂ ਵਿਚ ਮਿੱਠੇ ਪਕਵਾਨ ਨਾ ਪਕਾਏ ਜਾਣ।
ਇਹ ਸੇਵਾ 30 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਬਾ ਬਿਧੀ ਚੰਦ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਵਲੋਂ ਸੁਰੂ ਕਰਵਾਈ ਗਈ ਸੀ ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸੋਨੇ ਦੇ ਪੱਤਰੇ ਦੀ ਸੇਵਾ ਸ਼ੁਰੂ ਕਰਵਾਈ ਗਈ। ਸੋਨੇ ਦੀ ਪਰਤ ਚੜਾਉਣ ਦੀ ਸੇਵਾ ਨਿਭਾਉਣ ਵਾਲੇ ਬਾਬਾ ਹਰਪ੍ਰੀਤ ਸਿੰਘ ਬੱਲ ਅਤੇ ਗੁਰਬਿੰਦਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਚ ਸਿੰਘ ਸਾਹਿਬ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ।

ਸਮਾਗਮ ਵਿਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਬਾਬਾ ਬੇਅੰਤ ਦਾਸ ਡੇਰਾ ਬਾਬਾ ਬੀਰਮ ਦਾਸ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਆਦਿ ਮੌਜੂਦ ਸਨ।