National
ED ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ
CHANDIGARH : ਬੈਂਕ ਫਰਾਡ ਮਾਮਲੇ ‘ਚ ਹਰਿਆਣਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਨੇ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਤੋਂ ਇਲਾਵਾ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਟੀਮ ਨੇ ਨਾਜਾਇਜ਼ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਜਾਣਕਾਰੀ ਮੁਤਾਬਕ ਈਡੀ ਦੀ ਟੀਮ ਨੇ ਇਹ ਛਾਪੇਮਾਰੀ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਮੈਸਰਜ਼ ਸੁਪਰ ਮਲਟੀ ਕਲਰ ਪ੍ਰਿੰਟਰਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਡਨ ਫੂਡਜ਼ ਪ੍ਰਾਈਵੇਟ ਲਿਮਟਿਡ ਦੇ ਟਿਕਾਣਿਆਂ ‘ਤੇ ਕੀਤੀ ਹੈ। ਇਨ੍ਹਾਂ ਕੰਪਨੀਆਂ ਨੇ ਬੈਂਕਾਂ ਨਾਲ ਕਰੀਬ 125.40 ਕਰੋੜ ਅਤੇ 53.88 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਮਾਮਲੇ ਵਿੱਚ ਈਡੀ ਦੀ ਟੀਮ ਪਹਿਲਾਂ ਹੀ ਕਾਰਵਾਈ ਵਿੱਚ ਲੱਗੀ ਹੋਈ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਨੁਸਾਰ, ਧੋਖਾਧੜੀ ਦੇ ਮਾਮਲੇ ਵਿੱਚ ਕੰਪਨੀਆਂ ਦੇ ਡਾਇਰੈਕਟਰਾਂ ਅਤੇ ਪ੍ਰਮੋਟਰਾਂ ਸੁਨੀਲ ਗੁਗਲਾਨੀ ਅਤੇ ਸੁਮਨ ਗੁਗਲਾਨੀ ਅਤੇ ਹੋਰ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਇਨ੍ਹਾਂ ਮੁਲਜ਼ਮਾਂ ਨੇ ਮਿਲ ਕੇ (PNB, Canara, SBI ਅਤੇ Central Bank of India) ਵਿੱਚ 179.28 ਕਰੋੜ ਰੁਪਏ ਦਾ ਘਪਲਾ ਕੀਤਾ ਸੀ। ਈਡੀ ਦੀ ਟੀਮ ਨੇ ਐਫਆਈਆਰ ਰਾਹੀਂ ਮਾਮਲੇ ਵਿੱਚ ਵੱਖ-ਵੱਖ ਰਾਜਾਂ ਵਿੱਚ ਸਥਿਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਉੱਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ।