Uncategorized
ਸਿੱਖੀ ਦੇ ਪ੍ਰਸਾਰ ਲਈ ਹਰ ਸਿੱਖ ਬਣੇ ਪ੍ਰਚਾਰਕ : ਬੀਬੀ ਜਗੀਰ ਕੌਰ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਹਿਯੋਗ ਨਾਲ ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਇਸ ਸਬੰਧ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕੀਤਾ ਗਿਆ ।
ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਤੁਗਲਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਇਸ ਦੌਰਾਨ ਬੱਚਿਆਂ ਨੇ ਕਵਿਤਾਵਾਂ ਰਾਹੀਂ ਸਿੱਖ ਇਤਿਹਾਸ ਸੁਣਾਇਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਸਿੱਖੀ ਦੇ ਪ੍ਰਚਾਰ ਲਈ ਹਰ ਸਿੱਖ ਪ੍ਰਚਾਰਕ ਬਣੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਢੰਗਾਂ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ।
ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੇਂ-ਸਮੇਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਗੁਰਬਾਣੀ, ਗੁਰ-ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਐਜੂਕੇਸ਼ਨ ਸੰਸਥਾ ਬੈਲਜ਼ੀਅਮ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ।
ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਵੱਖ-ਵੱਖ ਦੇਸ਼ਾਂ ਦੇ ਬੱਚਿਆਂ ਦੇ ਆਨਲਾਈਨ ਮੁਕਾਬਲੇ ਕਰਵਾ ਕੇ ਗੁਰਸਿੱਖੀ ਵਿਚ ਪ੍ਰਪੱਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖ ਐਜੂਕੇਸ਼ਨ ਬੈਲਜ਼ੀਅਮ ਦੇ ਮੁਖੀ ਬੀਬੀ ਹਰਪ੍ਰੀਤ ਕੌਰ, ਸ. ਮਨਜਿੰਦਰ ਸਿੰਘ ਬੈਲਜ਼ੀਅਮ ਤੇ ਸੰਸਥਾ ਦੇ ਹੋਰ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਸਿੱਖੀ ਦੇ ਪ੍ਰਚਾਰ ਪ੍ਰਚਾਰ ਲਈ ਯਤਨਸ਼ੀਲ ਰਹਿਣ। ਸਿੱਖ ਐਜੂਕੇਸ਼ਨ ਬੈਲਜ਼ੀਅਮ ਵੱਲੋਂ ਸ. ਜਰਨੈਲ ਸਿੰਘ ਨੇ ਬੀਬੀ ਜਗੀਰ ਕੌਰ ਸਮੇਤ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਾਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਹੈ, ਜਿਸ ਲਈ ਸੰਸਥਾ ਸ਼੍ਰੋਮਣੀ ਕਮੇਟੀ ਦੀ ਧੰਨਵਾਦੀ ਹੈ।