Connect with us

Punjab

ਫਰੀਦਕੋਟ ਪੁਲਿਸ ਨੇ 77 ਕਿਲੋ ਹੈਰੋਇਨ ਕੀਤੀ ਬਰਾਮਦ

Published

on

PUNJAB : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਫਰੀਦਕੋਟ ਪੁਲਿਸ ਨੇ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਗੁਲਾਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗ੍ਰਿਫ਼ਤਾਰੀ ਨਾਲ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਵਿੱਚ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਅੱਜ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋ + 36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇੱਕ ਸਾਲ ਬਾਅਦ ਹੋਈ ਹੈ। ਇਹ ਖੇਪ ਸਮੁੰਦਰੀ ਰਸਤੇ ਤੋਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 36 ਕਿਲੋ ਨਸ਼ੀਲੇ ਪਦਾਰਥਾਂ ਦੀ ਡਿਲਿਵਰੀ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਬੰਧ ਸਨ। ਉਨ੍ਹਾਂ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫ਼ਤਾਰੀ ਸਮੱਗਲਿੰਗ ਦੇ ਸਮੁੱਚੇ ਨੈੱਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਣ ਵਿੱਚ ਸਹਾਈ ਹੋਵੇਗੀ।

ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਉਸ ਦੇ ਪਿਛਲੇ ਸਬੰਧਾਂ ਦੀ ਨੇੜਿਓਂ ਕੀਤੀ ਗਈ ਜਾਂਚ ਅਤੇ ਲਗਾਤਾਰ ਨਿਗਰਾਨੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼ ਕਰਨ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਵਾਧੂ ਵਿੱਤੀ ਜਾਂਚ ਚੱਲ ਰਹੀ ਹੈ।

ਇਸ ਅਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਫ਼ਰੀਦਕੋਟ ਡਾ: ਪ੍ਰਗਿਆ ਜੈਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਚਲਾਈ ਗਈ ਇਸ ਕਾਰਵਾਈ ਦੌਰਾਨ ਸੀ.ਆਈ.ਏ ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਟੀਮਾਂ ਨੇ ਏ.ਐਸ.ਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਅਗਵਾਈ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਇੱਕ ਸਾਲ ਤੋਂ ਭਗੌੜੇ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕਰ ਲਿਆ।