Connect with us

Punjab

ਪੰਜਾਬ ‘ਚ ਕਿਸਾਨ ਅੱਜ ਕਰਨਗੇ ਰੇਲਵੇ ਟਰੈਕ ਜਾਮ, ਇੰਨ੍ਹਾਂ ਸ਼ਹਿਰਾਂ ‘ਚ ਕਰਨਗੇ ਰੋਸ ਪ੍ਰਗਟਾਵਾ

Published

on

ਭਾਰਤ ਮਾਲਾ ਪ੍ਰਾਜੈਕਟ ਤਹਿਤ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਰੋਧ ਕਰ ਰਹੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਪੰਜਾਬ ਦਾ ਮਾਹੌਲ ਫਿਰ ਗਰਮਾ ਗਿਆ ਹੈ। ਕਿਸਾਨਾਂ ਨੇ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਦੁਪਹਿਰ 1 ਵਜੇ ਪੰਜਾਬ ਭਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਫੈਸਲਾ ਕੀਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ, ਬਠਿੰਡਾ, ਅੰਮ੍ਰਿਤਸਰ, ਪਟਿਆਲਾ, ਰੋਪੜ ਆਦਿ ਵਿੱਚ ਕਿਸਾਨ ਤੇ ਖੇਤ ਮਜ਼ਦੂਰ ਇਕੱਠੇ ਹੋ ਕੇ ਰੇਲ ਪਟੜੀਆਂ ’ਤੇ ਬੈਠ ਕੇ ਰੋਸ ਦਾ ਪ੍ਰਗਟਾਵਾ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਭਗਵੰਤ ਮਾਨ ਸਰਕਾਰ ਨੇ ਲਾਠੀਚਾਰਜ ਕੀਤਾ ਹੈ।

ਕੇਂਦਰ ਦੇ ਹੱਥਾਂ ਵਿੱਚ ਖੇਡ ਰਹੀ ਭਗਵੰਤ ਮਾਨ ਦੀ ਸਰਕਾਰ
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਭਗਵੰਤ ਮਾਨ ਸਰਕਾਰ ਕਿਸਾਨ-ਮਜ਼ਦੂਰ ਵਿਰੋਧੀ ਕੰਮ ਕਰ ਰਹੀ ਹੈ। ਭਾਰਤ ਮਾਲਾ ਪ੍ਰੋਜੈਕਟ ਤਹਿਤ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਹੀ ਮਾਮੂਲੀ ਹੈ। ਕਿਸਾਨ ਇਸ ਮੁਆਵਜ਼ੇ ਨੂੰ ਵਧਾਉਣ ਲਈ ਸੰਘਰਸ਼ ਕਰ ਰਹੇ ਹਨ।

ਕਿਸਾਨ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਣੇ ਹੱਕਾਂ ਲਈ ਲੜਨਾ ਉਨ੍ਹਾਂ ਦਾ ਹੱਕ ਹੈ। ਪਰ ਪੰਜਾਬ ਸਰਕਾਰ ਆਪਣੇ ਹੱਕਾਂ ਲਈ ਲੜਨ ਵਾਲਿਆਂ ‘ਤੇ ਵੀ ਲਾਠੀਚਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੁਪਹਿਰ 1 ਵਜੇ ਪੰਜਾਬ ਵਿੱਚ ਥਾਂ-ਥਾਂ ਰੇਲ ਪਟੜੀਆਂ ਜਾਮ ਕਰ ਦਿੱਤੀਆਂ ਜਾਣਗੀਆਂ।