Punjab
ਕਿਸਾਨਾਂ ਵੱਲੋਂ ਅੱਜ ਮੁੜ ਤੋਂ ਕੀਤਾ ਜਾਵੇਗਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਆਨਲਾਈਨ ਮੀਟਿੰਗ ਕਰਕੇ 17 ਮਈ ਯਾਨੀ ਅੱਜ ਮੰਗਲਵਾਰ ਤੋਂ ਹੋਣ ਵਾਲੇ ਚੰਡੀਗੜ੍ਹ ਟਰੈਕਟਰ ਮਾਰਚ ਅਤੇ ਪੱਕਾ ਮੋਰਚਾ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਜੱਥੇਬੰਦੀਆਂ ਵੱਲੋਂ ਆਪਣੀ ਪੂਰੀ ਤਿਆਰੀ ਨਾਲ ਟਰੈਕਟਰ-ਟਰਾਲੀਆਂ ਲੈ ਕੇ ਮੰਗਲਵਾਰ ਸਵੇਰੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ।
ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ 25 ਮਾਰਚ ਨੂੰ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਇਸ ਮੁੱਦੇ ’ਤੇ ਹਾਲੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ।
ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ‘ਤੇ ਪਹਿਰਾ ਨਹੀਂ ਦੇ ਰਹੀ, ਜਦਕਿ ਕੇਂਦਰ ਸਰਕਾਰ ਨੇ ਡੈਮ ਸੇਫਟੀ ਬਿੱਲ ਪਾਸ ਕਰਕੇ ਭਾਖੜਾ ਡੈਮ ਦਾ ਸਾਰਾ ਪ੍ਰਬੰਧ ਪੰਜਾਬ ਤੋਂ ਖੋਹ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਕਿਸਾਨਾਂ ਨੂੰ ਬੋਨਸ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਬੋਨਸ ਦਾ ਐਲਾਨ ਨਹੀਂ ਕੀਤਾ ਗਿਆ। ਕਿਸਾਨਾਂ ਨੇ ਚਿੱਪ ਮੀਟਰ ਬੰਦ ਕਰਨ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ, ਉਹ ਵੀ ਜਿਉਂ ਦਾ ਤਿਉਂ ਖੜ੍ਹਾ ਹੈ।