Punjab
ਵਿੱਤ ਮੰਤਰੀ ਵੱਲੋਂ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ:
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ, ਪੰਜਾਬ ਸਟੇਟ ਏਡਿਡ ਸਕੂਲਜ਼ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਅਤੇ 3704 ਅਧਿਆਪਿਕ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕਰੀਬ ਡੇਢ ਘੰਟੇ ਤੱਕ ਚੱਲੀਆਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਅਧਿਆਪਕ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਤਨਖਾਹਾਂ, ਪੈਨਸ਼ਨ ਅਤੇ ਤਬਾਦਲਿਆਂ ਨਾਲ ਸਬੰਧਤ ਸਨ, ਨੂੰ ਧੀਰਜ ਨਾਲ ਸੁਣਿਆ। ਇਸ ਦੌਰਾਨ ਉਨ੍ਹਾਂ ਵਿੱਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਅਧਿਆਪਕ ਯੂਨੀਅਨਾਂ ਦੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇੰਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ।
ਇਸ ਮੌਕੇ ਵਿੱਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਮੰਗਾਂ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਯੂਨੀਅਨ ਆਗੂਆਂ ਨਾਲ ਲੋੜ ਪੈਣ ’ਤੇ ਮੀਟਿੰਗਾਂ ਕਰਨ ਤਾਂ ਜੋ ਜਾਇਜ਼ ਮੰਗਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਨਾਲ ਸਬੰਧਤ ਵਿੱਤੀ ਪ੍ਰਭਾਵ ਬਾਰੇ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।
ਮੀਟਿੰਗਾਂ ਦੌਰਾਨ ਯੂਨੀਅਨਾਂ ਨੇ ਵਿੱਤ ਮੰਤਰੀ ਨੂੰ ਮੰਗ-ਪੱਤਰ ਵੀ ਸੌਂਪੇ ਗਏ। ਚੀਮਾ ਨੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਤਨ-ਮਨ ਨਾਲ ਸਮਰਥਨ ਕਰਨ।