Connect with us

Uncategorized

‘ਯੂਥ ਆਫ ਪੰਜਾਬ’ ਮੁਹਿੰਮ ਦਾ ਪਹਿਲਾ ਪੜਾਅ 23 ਫਰਵਰੀ ਤੋਂ : ਚੇਅਰਮੈਨ ਬਿੰਦਰਾ

Published

on

Sukhwinder Singh Bindra, Chairperson Punjab Youth Development Board

ਖੇਡਾਂ ਦੇ ਖੇਤਰ ਵਿਚ ਪੰਜਾਬ ਦੇ ਪੁਰਾਣੇ ਵੱਕਾਰ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ 23 ਫਰਵਰੀ ਨੂੰ ਲੁਧਿਆਣਾ ਤੋਂ ‘‘ ਯੂਥ ਆਫ ਪੰਜਾਬ ’’ ਮੁਹਿੰਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਮੁਹਿੰਮ ਦਾ ਪਹਿਲਾ ਪੜਾਅ ਲੁਧਿਆਣਾ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਤੋਂ ਬਾਅਦ ਅਮਿ੍ਰਤਸਰ ਵਿਖੇ 26 ਫਰਵਰੀ ਨੂੰ, ਐਸ .ਏ.ਐਸ. ਨਗਰ 3 ਮਾਰਚ ਅਤੇ ਜਲੰਧਰ  ਵਿਖੇ 5 ਮਾਰਚ ਤੋਂ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਏ ਜਾਣਗੇ। 

ਸ੍ਰੀ ਬਿੰਦਰਾ ਨੇ ਅੱਗੇ ਦੱਸਿਆ ਕਿ ਪੰਜਾਬ ਯੁਵਕ ਵਿਕਾਸ ਬੋਰਡ ਇਸ ਰਾਜ ਪੱਧਰੀ ਮੁਹਿੰਮ ‘‘ ਯੂਥ ਆਫ ਪੰਜਾਬ ’’ ਨੂੰ ਅਸਲ ਅਰਥਾਂ ਵਿੱਚ ਸਫਲ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਜ਼ਮੀਨੀ ਪੱਧਰ ’ਤੇ ਲਾਭ ਦਿੱਤਾ ਜਾ ਸਕੇ ।  ਉਨਾਂ ਕਿਹਾ ਕਿ ਬੋਰਡ ਨੇ ਫੈਸਲਾ ਲਿਆ ਹੈ ਪਹਿਲੇ ਪੜਾਅ ਤਹਿਤ ਸੂਬੇ ਦੇ ਚਾਰ ਵੱਖ-ਵੱਖ ਜ਼ਿਲਿਆਂ ਵਿਚ ਖੇਡ ਕਿੱਟਾਂ ਵੰਡੀਆਂ ਜਾਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੋੜ ਕੇ  ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਪੰਜਾਬ ਦੇ ਨੌਜਵਾਨ ਇਨਾਂ ਖੇਡ ਕਿੱਟਾਂ ਰਾਹੀਂ ਆਪਣੇ ਹੁਨਰ ਨੂੰ ਨਿਖਾਰ ਸਕਣਗੇ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪੁਰਾਣੀ ਸ਼ਾਨ ਨੂੰ ਸੁਰਜੀਤ ਕਰਨ ਵਿੱਚ ਸਹਾਈ ਹੋਣਗੀਆਂ। ਚੇਅਰਮੈਨ ਨੇ ਰਾਜ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਪ੍ਰਤੀ ਰੁਝਾਨ ਵਧਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ । ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਅਗਵਾਈ  ਵਿੱਚ ਪੰਜਾਬ ਯੁਵਕ ਵਿਕਾਸ ਬੋਰਡ ਸੂਬੇ ਦੇ ਨੌਜਵਾਨਾਂ ਦੀ ਬਿਹਤਰੀ ਲਈ ਪੂਰੀ ਤਰਾਂ ਵਚਨਬੱਧ ਹੈ।