Punjab
ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਕੀਤਾ ਫੈਸਲਾ 13 ਮਾਰਚ ਨੂੰ ਸੰਸਦ ਵੱਲ ਕਿਸਾਨ ਕਰਨਗੇ ਕੂਚ
ਕਿਸਾਨ ਜਥੇਬੰਦੀਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਇਸ ਦੌਰਾਨ ਪੰਜਾਬ ਨੂੰ ਪਾਣੀ ਦੇ ਗੰਭੀਰ ਸੰਕਟ ਤੋਂ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਵੀ ਸੌਂਪਣਗੀਆਂ। ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ।
ਮੀਟਿੰਗ ਵਿੱਚ ਸਮੂਹ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ ਅਤੇ ਹਰਜਿੰਦਰ ਸਿੰਘ ਟਾਂਡਾ ਹਾਜ਼ਰ ਸਨ, ਜਦਕਿ ਬਾਘ ਸਿੰਘ ਮਾਨਸਾ ਨੇ ਫੋਨ ’ਤੇ ਕਿਸਾਨਾਂ ਦੇ ਪ੍ਰਸਤਾਵ ’ਤੇ ਸਹਿਮਤੀ ਦਿੱਤੀ। ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਮੀਟਿੰਗ ਵਿੱਚ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਅਹਿਸਾਸ ਹੋਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਖੇਤੀ ਸੈਕਟਰ ਅਤੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਬਿਲਕੁਲ ਵੀ ਇਮਾਨਦਾਰ ਅਤੇ ਗੰਭੀਰ ਨਹੀਂ ਹਨ। ਕਿਸਾਨ ਯੂਨੀਅਨਾਂ ਨੇ ਖੇਤੀਬਾੜੀ ਵਿੱਚ ਜਨਤਕ ਨਿਵੇਸ਼ ਵਧਾਉਣ ਲਈ ਕੇਂਦਰ ਅਤੇ ਰਾਜਾਂ ਵਿੱਚ ਖੇਤੀਬਾੜੀ ਲਈ ਵੱਖਰੇ ਬਜਟ ਦੀ ਮੰਗ ਕੀਤੀ।
ਇਸ ਮੌਕੇ ਗੁਲਜ਼ਾਰ ਸਿੰਘ ਸਲੇਮਪੁਰ, ਇਕਬਾਲ ਸਿੰਘ ਮੰਡੌਲੀ, ਦਲਬੀਰ ਸਿੰਘ ਬੇਦਾਦਪੁਰ, ਪਰਮਜੀਤ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆੜ, ਗੁਰਮੀਤ ਸਿੰਘ ਧਿਆਨਪੁਰ, ਚਰਨਜੀਤ ਸਿੰਘ ਲਾਚੜੂ, ਸਾਹਿਬ ਸਿੰਘ ਅਤੇ ਮਲਕੀਤ ਸਿੰਘ ਚੰਡੀਗੜ੍ਹ ਆਦਿ ਹਾਜ਼ਰ ਸਨ।