Connect with us

Punjab

ਪੰਜਾਬ ‘ਚ AAP ਆਉਣ ਤੋਂ ਬਾਅਦ ਪਹਿਲੀ ਵਾਰ ਬਿਨਾਂ ਸਿਫ਼ਾਰਿਸ਼ ਤੋਂ ਮਿਲੀਆਂ ਸਰਕਾਰੀ ਨੌਕਰੀਆਂ: ਕੇਜਰੀਵਾਲ

Published

on

LOK SABHA ELECTIONS 2024 : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ 29 ਮਈ ਨੂੰ ਫ਼ਿਰੋਜ਼ਪੁਰ ਤੋਂ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਨੇ ‘ਆਪ’ ਉਮੀਦਵਾਰ ਨਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਕਾਕਾ ਬਰਾੜ ਨੂੰ ਜਿਤਾਉਣ ਦੀ ਅਪੀਲ ਕੀਤੀ।

 

CM ਕੇਜਰੀਵਾਲ ਨੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਕੀਤੀ ਅਪੀਲ….. 

ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੌਕਾ ਦਿੱਤਾ,ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਹੱਕਾਂ ਲਈ ਪਾਰਲੀਮੈਂਟ ਵਿੱਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਰਿਕਾਰਡ ਮਾਰਜਨ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ ਕੇਂਦਰ ਸਰਕਾਰ ਨਾਲ ਲੜਨਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਤੁਹਾਨੂੰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ। ਤੁਸੀਂ ਲੋਕਾਂ ਨੇ ਸਾਨੂੰ ਦੋ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਭਾਰੀ ਬਹੁਮਤ ਦਿੱਤਾ ਸੀ। ਇਹ ਲੋਕ ਸਭਾ ਚੋਣ ਹੈ। ਇਸ ਵਾਰ ਸਾਨੂੰ ਕੇਂਦਰ ਵਿੱਚ ਮਜ਼ਬੂਤ ਕਰੋ। ਸਾਰੀਆਂ 13 ਸੀਟਾਂ ਤੇ ਆਮ ਆਦਮੀ ਪਾਰਟੀ ਨੂੰ ਜਿਤਾਓ। ਸਾਡੇ ਸਾਰੇ ਸੰਸਦ ਮੈਂਬਰ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾਉਣਗੇ। ਜਦੋਂ ਸਾਡੇ ਪੰਜਾਬ ‘ਚ 13 ਸੰਸਦ ਮੈਂਬਰ ਹੋਣਗੇ ਤਾਂ ਕੇਂਦਰ ਸਰਕਾਰ ਪੰਜਾਬ ਦਾ 1 ਰੁਪਏ ਦਾ ਫੰਡ ਵੀ ਨਹੀਂ ਰੋਕ ਸਕੇਗੀ। ਉਨ੍ਹਾਂ ਕਿਹਾ ਕਿ ਸਾਡੇ ਸੰਸਦ ਮੈਂਬਰ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀਆਂ ਦੇ ਘਰ ਅੱਗੇ ਧਰਨੇ ‘ਤੇ ਬੈਠਣਗੇ ਅਤੇ ਫੰਡ ਜਾਰੀ ਕਰਵਾਉਣਗੇ।

ਕੇਜਰੀਵਾਲ ਨੇ ਕਿਹਾ ਕਿ 2022 ‘ਚ ਤੁਸੀਂ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ, ਜਿਸ ਕਾਰਨ ਪਿਛਲੇ ਦੋ ਸਾਲਾਂ ‘ਚ ਇੱਥੇ ਕਈ ਵੱਡੇ ਕੰਮ ਹੋਏ ਹਨ। ਹੁਣ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਪਹਿਲੀ ਵਾਰ 50,000 ਦੇ ਕਰੀਬ ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀ ਮਿਲੀ ਹੈ। ਇਹ ਸਭ ਇਸ ਲਈ ਸੰਭਵ ਹੋਇਆ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਮਾਨਦਾਰ ਹੈ।

ਕੇਜਰੀਵਾਲ ਨੇ ਅਮਿਤ ਸ਼ਾਹ ‘ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਹੈ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ‘ਚ ‘ਆਪ’ ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਡੇਗਣ ਦਾ ਅਮਿਤ ਸ਼ਾਹ ਦਾ ਮੁੱਖ ਮਕਸਦ ਤੁਹਾਡੀ ਮੁਫ਼ਤ ਬਿਜਲੀ ਅਤੇ ਮੁਹੱਲਾ ਕਲੀਨਿਕ ਬੰਦ ਕਰਨਾ ਹੈ। ਇਸ ਲਈ ਕਿਸੇ ਵੀ ਕੀਮਤ ‘ਤੇ ਭਾਜਪਾ ਨੂੰ ਵੋਟ ਨਾ ਪਾਓ। ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦਿਓ।