Connect with us

Punjab

ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਆਪਣੇ ਨਾਪਾਕ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ

Published

on

ਚੰਡੀਗੜ੍ਹ,
ਲੁਧਿਆਣਾ ਬੰਬ ਧਮਾਕੇ ਦੀ ਘਟਨਾ ਨੂੰ ਅਤਿ ਸ਼ਰਮਨਾਕ ਅਤੇ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਨੂੰ ਅਸਥਿਰ ਕਰਨ ਲਈ ਇਸ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੇ ਆਪਣੇ ਨਾਪਾਕ ਮਨਸੂਬਿਆਂ ਵਿੱਚ ਦੁਸ਼ਮਣ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਇਸ ਮੰਦਭਾਗੀ ਅਤੇ ਦੁਖਦਾਈ ਘਟਨਾ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਉਤੇ ਕਰੜੀ ਘਾਲਣਾ ਘਾਲ ਕੇ ਬਹਾਲ ਕੀਤੀ ਗਈ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀਆਂ ਅਜਿਹੀਆਂ ਸਾਜ਼ਿਸ਼ਾਂ ਰਚਣ ‘ਤੇ ਤੁਲੀਆਂ ਹੋਈਆਂ ਇਨ੍ਹਾਂ ਤਾਕਤਾਂ ਦੇ ਹੱਥਕੰਡਿਆਂ ਤੋਂ ਹਰ ਕੋਈ ਵਾਕਿਫ ਹੈ। ਉਨ੍ਹਾਂ ਕਿਹਾ, “ਸਮੇਂ ਦੀ ਲੋੜ ਹੈ ਕਿ ਸਾਰਿਆਂ ਵੱਲੋਂ ਅਜਿਹੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਵੇ।”

ਇਸ ਕਾਇਰਤਾਪੂਰਨ ਅਤੇ ਅਣਮਨੁੱਖੀ ਕਾਰੇ ਦੀ ਤਹਿ ਤੱਕ ਜਾਣ ਲਈ ਪੁਲਿਸ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਜਾਂਚ ਕਰਨ ਦੇ ਨਿਰਦੇਸ਼ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਨ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦੇਣ ਤਾਂ ਜੋ ਭਵਿੱਖ ਵਿੱਚ ਅਜਿਹਾ ਅਪਰਾਧ ਨਾ ਕਰੇ, ਲਈ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਅਜਿਹੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਵਾਪਰੀ ਬੇਅਦਬੀ ਦੀ ਮੰਦਭਾਗੀ ਘਟਨਾ ਅਤੇ ਹੁਣ ਇਸ ਮੌਕੇ ਲੁਧਿਆਣਾ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਦੀ ਕੋਸ਼ਿਸ਼ ਨੂੰ ਜੋੜਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਭ ਕੁਝ ਆਪਣੇ ਸਵਾਰਥ ਲਈ ਸਰਹੱਦੀ ਸੂਬੇ ਵਿੱਚ ਗੜਬੜ ਪੈਦਾ ਕਰਨ ਲਈ ਸਰਗਰਮ ਕਈ ਤਾਕਤਾਂ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀਆਂ ਤਾਕਤਾਂ, ਜੋ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਤਰੇ ਵਿੱਚ ਪਾਉਂਦੇ ਹਨ, ਦੇ ਨਾਪਾਕ ਮਨਸੂਬਿਆਂ ਨੂੰ ਨੱਥ ਪਾਉਣ ਲਈ ਸੁਚੇਤ ਰਹਿਣਾ ਚਾਹੀਦਾ ਹੈ ।

ਮੁੱਖ ਮੰਤਰੀ ਚੰਨੀ ਨੇ ਦ੍ਰਿੜ ਸੰਕਲਪ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਸਮਾਜ ਵਿਰੋਧੀ ਤਾਕਤਾਂ ਨੂੰ ਜਲਦ ਹੀ ਮੂੰਹ ਤੋੜਵਾਂ ਜਵਾਬ ਦੇਵੇਗੀ ਅਤੇ ਇਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੋਲੇ-ਭਾਲੇ ਲੋਕਾਂ ਨੂੰ ਡਰਾਉਣ ਲਈ ਦਹਿਸ਼ਤ ਦਾ ਮਾਹੌਲ ਪੈਦਾ ਨਹੀਂ ਕਰਨ ਦਿੱਤਾ ਜਾਵੇਗਾ।

ਲੋਕਾਂ ਤੋਂ ਪੂਰਨ ਸਾਥ ਅਤੇ ਸਹਿਯੋਗ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਸੰਜਮ ਵਰਤਣ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਬੰਬ ਧਮਾਕੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਧਮਾਕੇ ਦੌਰਾਨ ਜਾਨਾਂ ਗੁਆਉਣ ਵਾਲੇ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ।