Punjab
ਜ਼ੀਰਕਪੁਰ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਜਸਪਾਲ ਸਿੰਘ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ,ਜਾਂਚ ‘ਚ ਜੁਟੀ ਪੁਲਿਸ
ਜ਼ੀਰਕਪੁਰ ਪੁਲਿਸ ਨੇ ਜ਼ੀਰਕਪੁਰ ਦੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਜਸਪਾਲ ਸਿੰਘ ਜ਼ੀਰਕਪੁਰ ਨੂੰ ਧਮਕੀਆਂ ਦੇਣ ਅਤੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲੀਸ ਨੇ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ ਅਤੇ ਇਸ ਤੋਂ ਇਲਾਵਾ ਜਸਪਾਲ ਸਿੰਘ ਵੱਲੋਂ ਨਿੱਜੀ ਸੁਰੱਖਿਆ ਗਾਰਡ ਵੀ ਤਾਇਨਾਤ ਕੀਤੇ ਗਏ ਹਨ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਅਕਾਲੀ ਦਲ ਦੇ ਸੂਬਾ ਸਕੱਤਰ ਜਸਪਾਲ ਸਿੰਘ ਜ਼ੀਰਕਪੁਰ ਨੇ ਦੱਸਿਆ ਕਿ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਨੰਬਰਾਂ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ ਫੋਨ ਆ ਰਹੇ ਸਨ। ਫਿਰੌਤੀ ਕਰਨ ਵਾਲਿਆਂ ਨੇ ਜਸਪਾਲ ਸਿੰਘ ਨੂੰ ਸਟੇਟ ਬੈਂਕ ਆਫ਼ ਇੰਡੀਆ ਦਾ ਖਾਤਾ ਨੰਬਰ ਭੇਜ ਕੇ ਉਸ ਖਾਤੇ ਵਿੱਚ ਇੱਕ ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਅਤੇ ਪੈਸੇ ਨਾ ਦੇਣ ‘ਤੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਇਸ ਸਬੰਧੀ ਡੀ.ਐਸ.ਪੀ. ਬਿਕਰਮ ਬਰਾੜ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਬਿਹਾਰ ਦੇ ਇਕ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਪੁਲੀਸ ਨੇ ਜਸਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ।