India
ਸ਼ਹੀਦ ਗੁਰਬਿੰਦਰ ਸਿੰਘ ਦਾ ਪੂਰੇ ਫੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਚੰਡੀਗੜ੍ਹ/ਤੋਲਾਵਾਲ/ਸੰਗਰੂਰ, 19 ਜੂਨ : ਪਿਛਲੇ ਦਿਨੀਂ ਭਾਰਤ-ਚੀਨ ਸਰਹੱਦ ’ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਮੁੱਠਭੇੜ ’ਚ ਹੋਰ ਭਾਰਤੀ ਫ਼ੌਜੀਆਂ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਜਾਂਬਾਜ਼ ਸਿਪਾਹੀ ਗੁਰਬਿੰਦਰ ਸਿੰਘ ਦੀ ਮਿ੍ਰਤਕ ਦੇਹ ਜਿਵੇਂ ਹੀ ਫੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨਢਾਂ ਦੇ ਜੱਦੀ ਪਿੰਡ ਤੋਲਾਵਾਲ ਵਿਖੇ ਪੁੱਜੀ ਤਾਂ ਸਾਰਾ ਮਾਹੌਲ ਗ਼ਮਗੀਨ ਹੋ ਗਿਆ। ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਪਿੰਡ ਤੋਲਾਵਾਲ ਦੇ ਸਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ ਪਿਤਾ ਸ. ਲਾਭ ਸਿੰਘ ਵੱਲੋਂ ਅਗਨੀ ਦਿਖਾਈ ਗਈ। ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। ਸ਼ਹੀਦ ਗੁਰਬਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ। ਫ਼ੌਜੀ ਅਧਿਕਾਰੀਆਂ ਨੇ ਭਾਵੁਕਤਾ ਭਰੇ ਮਾਹੌਲ ’ਚ ਸ਼ਹੀਦ ਦੀ ਦੇਹ ਦੇ ਤਾਬੂਤ ਦੁਆਲੇ ਲਿਪਟਿਆ ਤਿਰੰਗਾ ਝੰਡਾ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਕੇ ਸਲਾਮੀ ਦਿੱਤੀ।
ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਪਿੰਡ ਤੋਲਾਵਾਲ ਵਿਖੇ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ ’ਤੇ ਤਬਦੀਲ ਕੀਤਾ ਜਾਵੇਗਾ ਜਿਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਕੀ ਤਿੰਨ ਸ਼ਹੀਦਾਂ ਦੇ ਸਨਮਾਨ ਵਿੱਚ ਵੀ ਉਨ੍ਹਾਂ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਨਾਂ ਵੀ ਸ਼ਹੀਦਾਂ ਦੇ ਨਾਂ ’ਤੇ ਰੱਖੇ ਜਾਣਗੇ।
ਉਹਨਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਿੰਗਲਾ ਨੇ ਇਹ ਐਲਾਨ ਵੀ ਕੀਤਾ ਕਿ ਪਿੰਡ ਦੇ ਖੇਡ ਸਟੇਡੀਅਮ ਦਾ ਨਾਮਕਰਨ ਵੀ ਸ਼ਹੀਦ ਦੇ ਨਾਮ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦਾ ਜਾਮ ਪੀਣ ਵਾਲੇ ਇਸ ਜਾਂਬਾਜ਼ ਯੋਧੇ ਦੀ ਕੁਰਬਾਨੀ ਆਪਣੇ ਆਪ ਵਿੱਚ ਵੱਡੀ ਮਿਸਾਲ ਹੈ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਕਾਇਮ ਰੱਖਣ ਲਈ ਸਾਡੇ ਸੂਰਵੀਰ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੰਦੇ ਹਨ ਜਿਸ ’ਤੇ ਪੂਰੇ ਦੇਸ਼ ਵਾਸੀਆਂ ਨੂੰ ਮਾਣ ਹੋਣਾ ਚਾਹੀਦਾ ਹੈ।