Governance
ਜਾਣੋ ਪੈਟਰੋਲ-ਡੀਜ਼ਲ ਕੀਮਤਾਂ ਬਾਰੇ ਪੈਟਰੋਲੀਅਮ ਮੰਤਰੀ ਦਾ ਬਿਆਨ
ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਵਿੱਚ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਇਕਸਾਰ ਰੱਖਣ ਲਈ ਕੋਈ ਯੋਜਨਾ ਵਿਚਾਰ ਅਧੀਨ ਨਹੀਂ ਹੈ ਅਤੇ ਹੁਣ ਤੱਕ ਜੀਐਸਟੀ ਕੌਂਸਲ ਨੇ ਜੀਐਸਟੀ ਵਿੱਚ ਤੇਲ ਅਤੇ ਗੈਸ ਨੂੰ ਸ਼ਾਮਲ ਕਰਨ ਦੀ ਕੋਈ ਸਿਫਾਰਸ਼ ਨਹੀਂ ਕੀਤੀ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਸ਼ਵ ਬਜ਼ਾਰ ਉਤੇ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਆਪਣੀਆਂ ਤੇਲ ਲੋੜਾਂ ਦਾ ਲਗਭਗ 85 ਪ੍ਰਤੀਸ਼ਤ ਦੂਜੇ ਦੇਸ਼ਾਂ ਤੋਂ ਆਯਾਤ ਕਰਦਾ ਹੈ।
ਇਹ ਜਾਣਕਾਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ। ਮੈਂਬਰਾਂ ਨੇ ਪੁੱਛਿਆ ਸੀ ਕਿ ਕੀ ਸਰਕਾਰ ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕਸਾਰ ਰੱਖਣ ਲਈ ਕੋਈ ਯੋਜਨਾ ਤਿਆਰ ਕਰ ਰਹੀ ਹੈ। ਇਸ ‘ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ,’ ‘ਅਜਿਹੀ ਕੋਈ ਵੀ ਯੋਜਨਾ ਸਰਕਾਰ ਸਾਹਮਣੇ ਵਿਚਾਰ ਅਧੀਨ ਨਹੀਂ ਹੈ।’ ‘ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ, ਵੈਟ, ਸਥਾਨਕ ਵਸੂਲਿਆਂ ਕਰਕੇ ਵੱਖ-ਵੱਖ ਬਾਜ਼ਾਰਾਂ ਵਿਚ ਵੱਖ-ਵੱਖ ਹਨ। ਇਕ ਹੋਰ ਸਵਾਲ ਦੇ ਜਵਾਬ ਵਿਚ ਕੇਂਦਰੀ ਮੰਤਰੀ ਨੇ ਕਿਹਾ ਕਿ ਕੇਂਦਰੀ ਆਬਕਾਰੀ ਡਿਊਟੀ ਵਜੋਂ 32 ਰੁਪਏ ਲਏ ਜਾਂਦੇ ਹਨ ਅਤੇ ਇਸ ਦੀ ਵਰਤੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਧੀਨ 80 ਕਰੋੜ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ, ਲੋਕਾਂ ਨੂੰ ਮੁਫਤ ਟੀਕਾਕਰਨ, ਘੱਟੋ ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਆਦਿ ਲਈ ਕੀਤੀ ਜਾਂਦੀ ਹੈ।