Connect with us

Punjab

ਹਰਸਿਮਰਤ ਕੌਰ ਬਾਦਲ ਵੱਲੋਂ ਗਿਆਨ ਸਾਗਰ ਮੈਡੀਕਲ ਕਾਲਜ ਦੇ ਮੈਡੀਕਲ ਇੰਟਰਨਾਂ ਲਈ ਢੁੱਕਵੇਂ ਵਜ਼ੀਫੇ ਦੀ ਮੰਗ

Published

on

ਚੰਡੀਗੜ੍ਹ, 02 ਮਈ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਢੁੱਕਵਾਂ ਵਜ਼ੀਫਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਹਨਾਂ ਇਸ ਮਾਮਲੇ ਵਿਚ ਸੂਬਾ ਅਤੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਅਤੇ ਮੈਡੀਕਲ ਪੇਸ਼ਾਵਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਲਈ ਆਖਿਆ ਹੈ।

ਇਸ ਸੰਬੰਧੀ ਕੇਂਦਰੀ ਸਿਹਤ ਮੰਤਰੀ ਅਤੇ ਜਨਤਕ ਸ਼ਿਕਾਇਤਾਂ ਅਤੇ ਸੁਝਾਵਾਂ ਦੀ ਉੱਚ ਪੱਧਰੀ ਕਮੇਟੀ ਦੇ ਸਕੱਤਰ ਨੂੰ ਲਿਖੀ ਇੱਕ ਚਿੱਠੀ ਵਿਚ ਬੀਬਾ ਬਾਦਲ ਨੇ ਉਹਨਾਂ ਨੂੰ ਗਿਆਨ ਸਾਗਰ ਮੈਡੀਕਲ ਕਾਲਜ, ਬਨੂੜ ਦੇ ਮੈਡੀਕਲ ਇੰਟਰਨਾਂ ਨੂੰ ਦਰਪੇਸ਼ ਵਿੱਤੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਹੈ। ਉਹਨਾਂ ਕਿਹਾ ਕਿ ਇੰਟਰਨਾਂ ਨੇ ਕੇਂਦਰੀ ਮੰਤਰੀ ਤਕ ਪਹੁੰਚ ਕਰਕੇ ਦੱਸਿਆ ਹੈ ਕਿ ਉਹਨਾਂ ਨੂੰ ਮੈਡੀਕਲ ਕਾਲਜ ਵਿਚ ਬਤੌਰ ਮੈਡੀਕਲ ਇੰਟਰਨ ਕੰਮ ਕਰਨ ਲਈ ਕੋਈ ਵਜ਼ੀਫਾ ਨਹੀਂ ਦਿੱਤਾ ਜਾ ਰਿਹਾ ਹੈ, ਜੋ ਕਿ ਭਾਰਤੀ ਮੈਡੀਕਲ ਕੌਂਸਲ ਵੱਲੋਂ ਇਸ ਸੰਬੰਧੀ ਜਾਰੀ ਕੀਤੇ ਮੁੱਢਲੇ ਦਿਸ਼ਾ ਨਿਰਦੇਸ਼ਾਂ ਦੀ ਸ਼ਰੇਆਮ ਉਲੰਘਣਾ ਹੈ। ਬੀਬਾ ਬਾਦਲ ਨੇ ਕਿਹਾ ਕਿ ਇਹ ਸਮੱਸਿਆ ਤੁਰੰਤ ਹੱਲ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਇੰਟਰਨ ਕੋਵਿਡ-19 ਖ਼ਿਲਾਫ ਲੜਾਈ ਵਿਚ ਸਰਕਾਰ ਦੀ ਮੱਦਦ ਕਰ ਰਹੇ ਹਨ।

ਆਪਣੀ ਇਸ ਚਿੱਠੀ ਜਿਸ ਦੀ ਇੱਕ ਕਾਪੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਪੀ ਸੋਨੀ ਨੂੰ ਵੀ ਭੇਜੀ ਗਈ ਹੈ, ਵਿਚ ਬੀਬਾ ਬਾਦਲ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਇਸ ਸੰਕਟ ਦੀ ਘੜੀ ਵਿਚ ਸਾਡੇ ਮੈਡੀਕਲ ਸਟਾਫ ਦਾ ਮਨੋਬਲ ਡੇਗਣਾ ਸੂਬੇ ਲਈ ਘਾਤਕ ਸਿੱਧ ਹੋਵੇਗਾ। ਉਹਨਾਂ ਕਿਹਾ ਕਿ ਇਹਨਾਂ ਮੈਡੀਕਲ ਇੰਟਰਨਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨੀਆਂ ਚਾਹੀਦੀਆਂ ਹਨ, ਕਿਉਂਕਿ ਇਹ ਸਾਨੂੰ ਕੋਵਿਡ-19 ਤੋਂ ਬਚਾਉਣ ਲਈ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਇੰਟਰਨਾਂ ਨੇ ਵੀ ਘੱਟ ਵਜ਼ੀਫੇ ਦਾ ਮੁੱਦਾ ਉਠਾਇਆ ਸੀ, ਜਿਸ ਨੂੰ ਸੂਬਾ ਸਰਕਾਰ ਨੇ ਵਧਾ ਕੇ 9 ਹਜ਼ਾਰ ਰੁਪਏ ਤੋਂ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਸੀ।

ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਦੇ ਮੈਡੀਕਲ ਇੰਟਰਨਾਂ ਲਈ ਵੀ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫੇ ਦੀ ਮੰਗ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਅਤੇ ਮੈਡੀਕਲ ਕਾਲਜ ਗੁਆਂਢੀ ਰਾਜਾਂ ਅਤੇ ਕੇਂਦਰੀ ਸੰਸਥਾਨਾਂ ਨਾਲੋਂ ਕਿਤੇ ਵੱਧ ਫੀਸਾਂ ਲੈ ਰਹੇ ਹਨ, ਪਰ ਆਪਣੇ ਇੰਟਰਨਾਂ ਨੁੰ ਬਹੁਤ ਘੱਟ ਵਜ਼ੀਫਾ ਜਾਂ ਬਿਲਕੁੱਲ ਵੀ ਵਜ਼ੀਫਾ ਨਹੀਂ ਦੇ ਰਹੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਹੇਰਾਫੇਰੀ ਕਰਨ ਵਾਲੇ ਨਿੱਜੀ ਮੈਡੀਕਲ ਕਾਲਜਾਂ ਖ਼ਿਲਾਫ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇੰਟਰਨਾਂ ਦਾ ਸੋਸ਼ਣ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਾਸਤੇ ਉਹਨਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।