Haryana
Haryana Nuh Violence: ਨੂਹ ‘ਚ ਹਿੰਸਾ ਤੋਂ ਬਾਅਦ ਸਰਕਾਰ ਦੀ ਵੱਡੀ ਕਾਰਵਾਈ, ਮੇਵਾਤ ‘ਚ RAF ਦੀ ਤਿਆਰੀ…
ਚੰਡੀਗੜ੍ਹ4 ਅਗਸਤ 2023 : ਹਰਿਆਣਾ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐਸ.ਐਨ ਪ੍ਰਸਾਦ ਨੇ ਕਿਹਾ ਹੈ ਕਿ ਨੂਹ ਦੇ ਸਾਈਬਰ ਪੁਲਿਸ ਸਟੇਸ਼ਨ ‘ਤੇ ਹਮਲਾ ਦੇਸ਼ ਅਤੇ ਸੂਬੇ ਦੀ ਸੁਰੱਖਿਆ ‘ਤੇ ਵੱਡਾ ਹਮਲਾ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੇਵਾਤ ਵਿੱਚ ਰੈਪਿਡ ਐਕਸ਼ਨ ਫੋਰਸ ਦਾ ਇੱਕ ਕੇਂਦਰ ਸਥਾਈ ਤੌਰ ‘ਤੇ ਸਥਾਪਿਤ ਕੀਤਾ ਜਾਵੇਗਾ। ਵੀਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਸਾਦ ਨੇ ਨੂਹ ਵਿੱਚ ਸ਼ਾਂਤੀ ਬਹਾਲ ਕਰਨ ਲਈ ਮੀਡੀਆ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਨੂਹ ‘ਚ ਧਾਰਮਿਕ ਯਾਤਰਾ ‘ਤੇ ਹਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ‘ਚ ਹੁਣ ਤੱਕ ਕੁੱਲ 93 ਐੱਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 176 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਨ੍ਹਾਂ ਵਿੱਚੋਂ ਨੂਹ ਜ਼ਿਲ੍ਹੇ ਵਿੱਚ 46, ਫਰੀਦਾਬਾਦ ਵਿੱਚ 3, ਗੁਰੂਗ੍ਰਾਮ ਵਿੱਚ 23, ਰੇਵਾੜੀ ਵਿੱਚ 3 ਅਤੇ ਪਲਵਲ ਜ਼ਿਲ੍ਹੇ ਵਿੱਚ 18 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੂਹ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਉਨ੍ਹਾਂ ਨੇ ਜਾਗਰੂਕ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦੇ 112 ਨੰਬਰ ‘ਤੇ ਡਾਇਲ ਕਰਨ ਅਤੇ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚਣ ਅਤੇ ਧਮਕੀਆਂ ਦੇਣ ਦਾ ਸ਼ੱਕ ਹੋਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਸੂਬੇ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂਹ ਅਤੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਨੂਹ ਸਾਈਬਰ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਬਾਰੇ ਪ੍ਰਸਾਦ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਦੀ ਸਾਜ਼ਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੰਗਠਿਤ ਸਾਈਬਰ ਅਪਰਾਧ ਵੱਧ ਰਹੇ ਹਨ ਅਤੇ ਸੂਬਾ ਸਰਕਾਰ ਵੀ ਇਸ ਮਾਮਲੇ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਲਈ ਦੇਸ਼ ਦੀ ਰਾਜਧਾਨੀ ਦਿੱਲੀ ਨੇੜੇ ਸਾਈਬਰ ਪੁਲਿਸ ਸਟੇਸ਼ਨ ‘ਤੇ ਹਮਲਾ ਗਹਿਰੀ ਜਾਂਚ ਦਾ ਵਿਸ਼ਾ ਹੈ।