Governance
ਸਿਹਤ ਮੰਤਰੀ ਬਲਬੀਰ ਸਿੱਧੂ ਦਾ ਬਰਨਾਲਾ ‘ਚ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ

ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਬਰਨਾਲਾ ਪਹੁੰਚੇ ਸਨ। ਉਨ੍ਹਾਂ ਦਾ ਵਿਰੋਧ ਕਰਨ ਠੇਕਾ ਮੁਲਾਜ਼ਮਾਂ ਦਾ ਕਾਫ਼ਲਾ ਵੀ ਆ ਪੁੱਜਾ। ਜਿਸ ਕਰਕੇ ਬਰਨਾਲਾ ਦੇ ਡੀਸੀ ਕੰਪਲੈਕਸ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਠੇਕਾ ਮੁਲਾਜ਼ਮਾਂ ਵਲੋਂ ਬਲਬੀਰ ਸਿੱਧੂ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨੀ ਸੀ।
ਜਿਲ੍ਹਾ ਪ੍ਰਸ਼ਾਸਨ ਨੇ ਮੰਤਰੀ ਸਿੱਧੂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ, ਜਦਕਿ ਮੰਤਰੀ ਦੇ ਤਪਾ ਮੰਡੀ ਤੋਂ ਤੁਰਨ ਸਮੇਂ ਮਿਲਾਇਆ ਗਿਆ। ਜਦਕਿ ਉਹਨਾਂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਜੱਥੇਬੰਦੀ ਦੀ ਪੈਨਲ ਮੀਟਿੰਗ ਦਾ ਸਮਾਂ ਲੈਣਾ ਸੀ। ਜਿਸ ਕਰਕੇ ਅੱਜ ਉਹਨਾਂ ਨੂੰ ਰੋਸ ਵਜੋਂ ਮੰਤਰੀ ਦਾ ਵਿਰੋਧ ਕਰਨਾ ਪਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਚੋਣਾਂ ਸਮੇਂ ਭਰੋਸਾ ਦਿੱਤਾ ਕਿ ਸਰਕਾਰ ਬਨਣ ਉਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਉਹਨਾਂ ਦੇ ਸਾਥੀ ਮੁਲਾਜ਼ਮ ਦੀ ਪੱਗ ਲਾਹੁਣ ਅਤੇ ਧਮਕੀਆਂ ਦੇਣ ਦੇ ਦੋਸ਼ ਵੀ ਲਗਾਏ ਗਏ। ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਾਂਗਰਸ ਸਰਕਾਰ ਦੇ ਮੰਤਰੀਆਂ ਦਾ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਅਤੇ ਘਿਰਾਉ ਕਰਦੇ ਰਹਿਣਗੇ।