Delhi
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
ਦਿੱਲੀ, 18 ਜੂਨ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਤੇਜ਼ ਬੁਖਾਰ ਅਤੇ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਹੋਣ ‘ਤੇ ਉਨ੍ਹਾਂ ਨੂੰ ਦਿੱਲੀ ਦੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਪਹਿਲੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ। ਪਰ ਬੁੱਧਵਾਰ ਨੂੰ ਉਨ੍ਹਾਂ ਦਾ ਦੂਸਰੀ ਵਾਰ ਕੋਰੋਨਾ ਟੈਸਟ ਕੀਤਾ ਗਿਆ ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਐਤਵਾਰ ਨੂੰ ਦਿੱਲੀ ਵਿੱਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਉੱਚ ਪੱਧਰੀ ਬੈਠਕ ਕੀਤੀ ਸੀ। ਸਤੇਂਦਰ ਜੈਨ ਇਸ ਮੀਟਿੰਗ ਵਿੱਚ ਮੌਜੂਦ ਸਨ। ਇਸ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ, ਦਿੱਲੀ ਦੇ ਐਲਜੀ ਅਨਿਲ ਬੈਜਲ, ਸੀਐਮ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਸਟੇਟ ਆਫ਼ਤ ਪ੍ਰਬੰਧਨ ਅਥਾਰਟੀ ਦੇ ਮੈਂਬਰ ਵੀ ਹਾਜ਼ਰ ਸਨ। ਇਥੇ ਦੱਸ ਦਈਏ ਕਿ ਦਿੱਲੀ ਦੇ ਸਿਹਤ ਵਿਭਾਗ ਵਿੱਚ ਕੰਮ ਕਰਨ ਵਾਲੇ ਆਪ ਨੇਤਾ ਅਤਿਸ਼ੀ ਮਾਰਲੇਨਾ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਰਾਜਧਾਨੀ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ‘ਚ ਹੁਣ ਤੱਕ ਕੋਰੋਨਾ ਦੇ 45 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 1900 ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦੋਂ ਕਿ 17 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।