Punjab
ਪੰਜਾਬ ‘ਚ ਗਰਮੀ ਦੀ ਤਬਾਹੀ – 1 ਦੀ ਮੌਤ, ਕਈ ਬੇਹੋਸ਼
WEATHER UPDATE : ਕੜਾਕੇ ਦੀ ਗਰਮੀ ਕਾਰਨ ਲੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ, ਜਿਸ ਕਾਰਨ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਲਗਾਤਾਰ 3 ਦਿਨਾਂ ਤੋਂ ਪੰਜਾਬ ਦੇ ਸਭ ਤੋਂ ਗਰਮ ਸ਼ਹਿਰਾਂ ਦੀ ਸੂਚੀ ‘ਚ ਚੋਟੀ ‘ਤੇ ਰਹੇ ਬਠਿੰਡਾ ‘ਚ ਭਿਆਨਕ ਗਰਮੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ , ਜਦਕਿ 4 ਲੋਕ ਗਰਮੀ ਕਾਰਨ ਬੇਹੋਸ਼ ਹੋ ਗਏ ਹਨ ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਰੈੱਡ ਅਲਰਟ ਨੂੰ 24 ਮਈ ਤੱਕ ਵਧਾ ਦਿੱਤਾ ਗਿਆ ਹੈ। ਅਪਡੇਟ ਕੀਤੇ ਪੂਰਵ ਅਨੁਮਾਨ ਵਿੱਚ ਕਈ ਸ਼ਹਿਰਾਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਹਿਸਾਬ ਨਾਲ ਸਾਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਗਰਮੀ ਆਪਣਾ ਅਸਲੀ ਰੰਗ ਦਿਖਾਏਗੀ। ਫਰੀਦਕੋਟ ਦੇ ਚਾਰੇ ਪਾਸੇ ਰੈੱਡ ਅਲਰਟ ਰਹੇਗਾ। ਇਸੇ ਤਰ੍ਹਾਂ ਗੁਰਦਾਸਪੁਰ ਦੇ ਨਾਲ ਲੱਗਦੇ ਪਠਾਨਕੋਟ ਦੇ ਕਈ ਹਿੱਸਿਆਂ ਵਿੱਚ ਰੈੱਡ ਅਲਰਟ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਮੁਤਾਬਕ ਕਈ ਸਾਲਾਂ ਬਾਅਦ ਮਈ ਮਹੀਨੇ ਦਾ ਤਾਪਮਾਨ 46.7 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਗਰਮੀ ਦੇ ਕਈ ਰਿਕਾਰਡ ਟੁੱਟ ਗਏ ਹਨ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 46.7 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਦੇ ਬੱਸ ਸਟੈਂਡ ਨੇੜੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸੇ ਤਰ੍ਹਾਂ 4 ਵਿਅਕਤੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।