National
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਦਿੱਲੀ ਸਰਵਿਸ ਬਿੱਲ ਕੀਤਾ ਪੇਸ਼,ਪੜੋ ਪੂਰੀ ਖ਼ਬਰ
ਲੋਕ ਸਭਾ ‘ਚ ਮੰਗਲਵਾਰ ਨੂੰ ਵਿਵਾਦਗ੍ਰਸਤ ‘ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਸਰਕਾਰ ਸੋਧ ਬਿੱਲ 2023’ ਪੇਸ਼ ਕੀਤਾ ਗਿਆ। ਇਹ ਬਿੱਲ ਦਿੱਲੀ ‘ਚ ਗਰੁੱਪ-ਏ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਲਈ ਅਥਾਰਟੀ ਦੇ ਗਠਨ ਲਈ ਲਿਆਂਦੇ ਗਏ ਆਰਡੀਨੈਂਸ ਨੂੰ ਬਦਲਣ ਲਈ ਲਿਆਂਦਾ ਗਿਆ ਹੈ। ਹੇਠਲੇ ਸਦਨ ਵਿੱਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਰਫੋਂ ਬਿੱਲ ਪੇਸ਼ ਕੀਤਾ ਗਿਆ। ਅਧੀਰ ਰੰਜਨ ਚੌਧਰੀ, ਕਾਂਗਰਸ ਦੇ ਸ਼ਸ਼ੀ ਥਰੂਰ ਅਤੇ ਗੌਰਵ ਗੋਗੋਈ, ਆਰਐਸਪੀ ਦੇ ਐਨਕੇ ਪ੍ਰੇਮਚੰਦਰਨ, ਤ੍ਰਿਣਮੂਲ ਕਾਂਗਰਸ ਦੇ ਸੌਗਾਤਾ ਰਾਏ ਅਤੇ ਏਆਈਐਮਆਈਐਮ ਦੇ ਅਸਦੁਦੀਨ ਓਵੈਸੀ ਨੇ ਬਿੱਲ ਨੂੰ ਪੇਸ਼ ਕਰਨ ਦਾ ਵਿਰੋਧ ਕੀਤਾ।
ਬਿੱਲ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਕਿਹਾ ਕਿ ਸੰਵਿਧਾਨ ਨੇ ਸਦਨ ਨੂੰ ਦਿੱਲੀ ਰਾਜ ਲਈ ਕੋਈ ਵੀ ਕਾਨੂੰਨ ਲਿਆਉਣ ਦਾ ਪੂਰਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਿੱਲ ਵਿਰੁੱਧ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਿਆਸੀ ਹਨ ਅਤੇ ਇਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਇਸ ਤੋਂ ਬਾਅਦ ਸਦਨ ਨੇ ਆਵਾਜ਼ੀ ਵੋਟ ਨਾਲ ਬਿੱਲ ਨੂੰ ਪੇਸ਼ ਕਰਨ ਦੀ ਮਨਜ਼ੂਰੀ ਦਿੱਤੀ। ਕੇਂਦਰੀ ਮੰਤਰੀ ਮੰਡਲ ਨੇ ਹਾਲ ਹੀ ਵਿੱਚ ‘ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ’ ਨੂੰ ਮਨਜ਼ੂਰੀ ਦਿੱਤੀ ਸੀ। ਇਹ ਕੇਂਦਰ ਵੱਲੋਂ 19 ਮਈ ਨੂੰ ਲਿਆਂਦੇ ਗਏ ਆਰਡੀਨੈਂਸ ਨੂੰ ਬਦਲਣ ਲਈ ਪੇਸ਼ ਕੀਤਾ ਗਿਆ ਹੈ। ਬੀਜੇਡੀ ਨੇ ਵੀ ਇਸ ਬਿੱਲ ਨੂੰ ਲੈ ਕੇ ਮੋਦੀ ਸਰਕਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਬੀਜੇਡੀ ਦੇ ਲੋਕ ਸਭਾ ਵਿੱਚ 12 ਅਤੇ ਰਾਜ ਸਭਾ ਵਿੱਚ 9 ਸੰਸਦ ਮੈਂਬਰ ਹਨ। ਬੀਜੇਡੀ ਦੇ ਸਮਰਥਨ ਨਾਲ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਦਾ ਪਾਸ ਹੋਣਾ ਯਕੀਨੀ ਹੈ।