Punjab
ਹੁਕਮਨਾਮਾ ਬਨਾਮ ਹੁਕਮਨਾਮਾ, ਤਖਤਾਂ ਵਿਚਾਲੇ ਟਕਰਾਓ ਸਿੱਖ ਕੌਮ ਲਈ ਘਾਤਕ

ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਸਿੰਘ ਸਾਹਿਬਾਨ ਨੇ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਕੁੱਝ ਸਿੱਖ ਸ਼ਖ਼ਸੀਅਤਾਂ ਨੂੰ ਤਲਬ ਕਰਕੇ ਤਨਖਾਹ ਲਗਾਈ ਸੀ।ਇਨ੍ਹਾਂ ਸਿੱਖ ਸ਼ਖ਼ਸੀਅਤਾਂ ਵਿੱਚ ਭਾਈ ਰਣਜੀਤ ਸਿੰਘ ਢਡਰੀਆਂ ਵਾਲੇ, ਹਰਵਿੰਦਰ ਸਿੰਘ ਸਰਨਾ ਅਤੇ ਗਿਆਨੀ ਗੁਰਮੁੱਖ ਸਿੰਘ ਸ਼ਾਮਲ ਸਨ। ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਬਲਬੀਰ ਸਿੰਘ ਜਿਸ ਉੱਪਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇੱਕ ਔਰਤ ਨਾਲ ਵਿਭਚਾਰ ਕਰਨ ਦੇ ਦੋਸ਼ ਲੱਗੇ ਹਨ ਵਿਰੁੱਧ ਕਾਰਵਾਈ ਕਰਨ ਦੇ ਆਦੇਸ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਗਏ ਸਨ। ਇੱਕ ਹੋਰ ਫੈਸਲਾ ਲੈਂਦਿਆਂ ਸਿੰਘ ਸਾਹਿਬਾਨ ਨੇ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ। ਇਸ ਸਮੇਂ ਇਹ ਕਿਹਾ ਗਿਆ ਹੈ ਕਿ ਪਟਨਾ ਸਾਹਿਬ ਦੀ ਕਮੇਟੀ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਇਨ੍ਹਾਂ ਨੂੰ ਦੋਸ਼ ਮੁਕਤ ਕੀਤਾ ਜਾਂਦਾ ਹੈ।
ਇਨ੍ਹਾਂ ਫੈਸਲਿਆਂ ਤੋਂ ਤੁਰੰਤ ਬਾਅਦ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਜਥੇਦਾਰ ਟੇਕ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤੇ ਦਿੱਤਾ। ਪੰਜ ਪਿਆਰਿਆਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਗਿਆਨੀ ਕੁਲਦੀਪ ਸਿੰਘ ਗੜਗੱਜ ਕੌਮ ਵੱਲੋਂ ਨਕਾਰਿਆ ਕਥਿਤ ਜਥੇਦਾਰ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਅਖੌਤੀ ਜਥੇਦਾਰਾਂ ਨੇ ਪਟਨਾ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਦਖਲ ਅੰਦਾਜੀ ਕੀਤੀ ਹੈ ਅਤੇ ਪਟਨਾ ਸਾਹਿਬ ਦੇ 2022 ਅਤੇ 2023 ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਜਥੇਦਾਰਾਂ ਦੇ ਫੈਸਲਿਆਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਗਿਆ ਹੈ। ਇੱਥੇ ਇੰਝ ਲਗ ਰਿਹਾ ਹੈ ਕਿ ਜ਼ਿਲ੍ਹਾ ਅਦਾਲਤ ਸੁਪਰੀਮ ਕੋਰਟ ਦੇ ਜੱਜ ਨੂੰ ਸਜ਼ਾ ਸੁਣਾ ਰਹੀ ਹੋਵੇ। ਇਹਦੇ ਵਿੱਚ ਕੋਈ ਸ਼ੱਕ ਨਹੀਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਜਾਂਦੇ ਜ਼ਿਆਦਾਤਰ ਆਦੇਸ਼ ਰਾਜਨੀਤੀ ਤੋਂ ਪ੍ਰੇਰਿਤ ਹੁੰਦੇ ਹਨ ਅਤੇ ਇੱਕ ਪਰਿਵਾਰ ਦੇ ਇਸ਼ਾਰੇ ‘ਤੇ ਜਾਰੀ ਕੀਤੇ ਜਾਂਦੇ ਹਨ।
ਇਹ ਵੀ ਸੱਚ ਹੈ ਕਿ ਗਿਆਨੀ ਕੁਲਦੀਪ ਗੜਗੱਜ ਨੂੰ ਪੂਰੀ ਕੌਮ ਆਪਣਾ ਜਥੇਦਾਰ ਨਹੀਂ ਮੰਨਦੀ ਪਰ ਇਸ ਤਰ੍ਹਾਂ ਤਖਤਾਂ ਦੇ ਟਕਰਾਓ ਨਾਲ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ‘ਤੇ ਪ੍ਰਸ਼ਨ ਚਿੰਨ੍ਹ ਲੱਗਦਾ ਹੈ ਉੱਥੇ ਦੁਨੀਆ ਭਰ ਵਿੱਚ ਸਿੱਖਾਂ ਦਾ ਮਜ਼ਾਕ ਬਣਦਾ। ਪੰਜਾ ਤਖਤਾਂ ਦੇ ਜਥੇਦਾਰਾਂ ਨੂੰ ਮਿਲ ਬੈਠ ਕੇ ਮਸਲਿਆਂ ਦੇ ਹੱਲ ਕੱਢਣੇ ਚਾਹੀਦੇ ਹਨ ਪਰ ਅਫਸੋਸ ਕਿ ਇਸ ਸਮੇਂ ਜਥੇਦਾਰ ਰਾਜਨੀਤਿਕ ਲੋਕਾਂ ਦੇ ਹੱਥਾਂ ਵਿੱਚ ਖੇਡਦੇ ਨਜ਼ਰ ਆ ਰਹੇ ਹਨ। ਜੇਕਰ ਗਿਆਨੀ ਕੁਲਦੀਪ ਗੜਗੱਜ ਤੇ ਉਨ੍ਹਾਂ ਦੇ ਸਾਥੀ ਜਥੇਦਾਰਾਂ ਦੇ ਆਦੇਸ਼ ਰਾਜਨੀਤੀ ਤੋਂ ਪ੍ਰੇਰਿਤ ਸਨ ਤਾਂ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦਾ ਆਦੇਸ਼ ਵੀ ਰਾਜਨੀਤੀ ਤੋਂ ਪ੍ਰੇਰਿਤ ਹੀ ਲੱਗਦਾ ਹੈ। ਅੱਜ ਲੋੜ ਹੈ ਪੰਜਾਂ ਤਖ਼ਤਾਂ ਨੂੰ ਸਿਆਸਤਦਾਨਾਂ ਤੋਂ ਅਜ਼ਾਦ ਕਰਵਾਉਣ ਦੀ ਨਹੀਂ ਤਾਂ ਜੋ ਚੱਲ ਰਿਹਾ ਹੈ ਇਹ ਕੌਮ ਲਈਬਹੁਤ ਘਾਤਕ ਸਾਬਤ ਹੋਵੇਗਾ।
ਕੁਲਵੰਤ ਸਿੰਘ ਗੱਗੜਪੁਰੀ