Connect with us

Punjab

‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਸਰ : ਖੇਡ ਮੈਦਾਨਾਂ ‘ਚ ਨਜ਼ਰ ਆ ਰਹੇ ਹਨ ਨੌਜਵਾਨ ਅਤੇ ਬਜ਼ੁਰਗ

Published

on

ਪਟਿਆਲਾ:

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ, ਖ਼ਾਸ ਤੌਰ ਉਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਕੀਤਾ ਉਪਰਾਲਾ ਸਫਲ ਹੁੰਦਾ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਨਾ ਸਿਰਫ਼ ਛੋਟੇ ਬੱਚੇ ਤੇ ਨੌਜਵਾਨ ਸਗੋਂ ਬਜ਼ੁਰਗ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ।

ਇਸ ਦੌਰਾਨ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਡਿਸਕਸ ਥ੍ਰੋ ਦੇ ਮੁਕਾਬਲੇ ਵਿੱਚ ਸੁਰਿੰਦਰ ਆਹਲੂਵਾਲੀਆ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ 2000 ਮੀਟਰ ਦੀ ਦੌੜ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਕੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ।

ਉੱਘੇ ਸਮਾਜ ਸੇਵੀ ਸੁਰਿੰਦਰ ਆਹਲੂਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰੇਕ ਉਮਰ ਵਰਗ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਕੀਤਾ ਗਿਆ ਇਹ ਯਤਨ ਭਵਿੱਖ ਵਿੱਚ ਚੰਗੇ ਨਤੀਜੇ ਦੇਵੇਗਾ। ਉਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਪਟਿਆਲਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਖੇਡਾਂ ਦੇਖਣ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਟਿਆਲਾ ਵਾਸੀ ਇਸ ਖੇਡ ਮੇਲੇ ਦਾ ਹਿੱਸਾ ਜ਼ਰੂਰ ਬਣਨ।

ਉਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਣਾ ਬੱਚੇ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚੋਂ ਨਿਕਲੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰੀ ਉਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਕਦੇ ਸੋਚਿਆ ਨਹੀਂ ਸੀ ਕਿ ਉਮਰ ਦੇ ਇਸ ਪੜਾਅ ਉਤੇ ਦੁਬਾਰਾ ਖੇਡ ਮੈਦਾਨ ਵਿੱਚ ਆਕੇ ਖੇਡ ਮੁਕਾਬਲਿਆਂ ਦਾ ਹਿੱਸਾ ਬਣਾਂਗੇ।