Punjab
ਸ਼ੰਭੂ ਰੇਲਵੇ ਟ੍ਰੈਕ ਤੋਂ ਧਰਨਾ ਮੁਲਤਵੀ ਦੇ ਨਾਲ ਕਿਸਾਨ ਜਥੇਬੰਦੀਆਂ ਦੇ ਅਹਿਮ ਐਲਾਨ
ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਟ੍ਰੈਕ ‘ਤੇ ਕਿਸਾਨ ਧਰਨੇ ‘ਤੇ ਬੈਠੇ ਹੋਏ ਹਨ। ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ (ਗੈਰ ਸਿਆਸੀ) ਵੱਲੋਂ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿੱਥੇ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ ਵੱਲੋਂ ਵੱਡਾ ਐਲ਼ਾਨ ਕਰਦਿਆਂ ਇਹ ਫੈਸਲਾ ਲਿਆ ਗਿਆ ਹੈ ਕਿ ਸ਼ੰਭੂ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਿਆ ਜਾਵੇਗਾ। ਇੱਥੇ ਦੱਸ ਦੇਈਏ ਕਿ ਕਿਸਾਨਾਂ ਵੱਲੋਂ ਇਹ ਧਰਨਾ ਖ਼ਤਮ ਨਹੀਂ ਸਗੋਂ ਮੁਲਤਵੀ ਕੀਤਾ ਗਿਆ ਜਦਕਿ ਬਾਰਡਰ ‘ਤੇ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਜੇਕਰ ਸਰਕਾਰ ਨੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਨਾ ਕੀਤੀ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨਾਂ ਨੇ ਹੋਰ ਕਿਹੜੇ ਕੀਤੇ ਵੱਡੇ ਫੈਸਲੇ-
-ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ-ਹਰਿਆਣਾ ਦੇ ਭਾਜਪਾ ਲੀਡਰਾਂ ਦੇ ਘਰਾਂ ਦਾ ਘਿਰਾਓ ਕਰਨਗੇ ।
-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਤਰੀਕ ਨੂੰ ਪਟਿਆਲਾ ਵਿਖੇ ਆ ਰਹੇ ਹਨ, ਜਿੱਥੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।
-ਕਿਸਾਨ ਆਗੂਆਂ ਨੇ ਦੱਸਿਆ ਹੈ ਕਿ ਕਿਸਾਨ ਅੰਦੋਲਨ 2 ਦੇ 100 ਦਿਨ ਪੂਰੇ ਹੋਣ ‘ਤੇ ਸ਼ੰਭੂ ਬਾਰਡਰ, ਖਨੋਰੀ, ਡੱਬਵਾਲੀ ਤੇ ਰਤਨਪੁਰਾ ਵਿਖੇ ਵਿਸ਼ਾਲ ਕਾਨਫਰੰਸਾਂ ਕੀਤੀਆਂ ਜਾਣਗੀਆਂ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਦੱਸ ਦੇਈਏ ਕਿ 13 ਫਰਵਰੀ ਨੂੰ ਜਦੋਂ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਸੀ ਤਾਂ ਕਿਸਾਨ ਅੰਦੋਲਨ 2.0 ਵਿੱਚ ਕਈ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦੇ ਹੋਇਆ ਯੂਨਾਈਟਿਡ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ‘ਤੇ ਧਰਨਾ ਲਾਇਆ ਸੀ। ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜ ਦਿੱਤੇ ਸਨ।
(ਸਟੋਰੀ-ਇਕਬਾਲ ਕੌਰ, ਵਰਲਡ ਪੰਜਾਬੀ)