Punjab
ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਈ ਅਹਿਮ ਖ਼ਬਰ, ਜਾਣੋ ਕਦੋਂ ਪੈਣਗੀਆਂ ਵੋਟਾਂ

ਜਲੰਧਰ: ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਹੁਣ ਇਹ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਸ਼ਾਇਦ ਸਰਕਾਰ ਵੱਲੋਂ ਜਲਦ ਹੀ ਨਿਗਮ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇ।ਪਰ ਹੁਣ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਤੰਬਰ ਮਹੀਨੇ ‘ਚ ਨਗਰ ਨਿਗਮ ਚੋਣਾਂ ਕਰਵਾਈਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਦਾ ਮੰਨਣਾ ਹੈ ਕਿ ਸਤੰਬਰ ਵਿੱਚ ਨਿਗਮ ਚੋਣਾਂ ਕਰਵਾਉਣਾ ਜ਼ਿਆਦਾ ਅਨੁਕੂਲ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ। ਜੇਕਰ ਨਿਗਮ ਚੋਣਾਂ ਦੇ ਨਾਲ ਪੰਚਾਇਤੀ ਚੋਣਾਂ ਨਹੀਂ ਕਰਵਾਈਆਂ ਜਾਂਦੀਆਂ ਤਾਂ ਇਹ ਚੋਣਾਂ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਦੀਆਂ ਆਮ ਚੋਣਾਂ ਤੋਂ ਬਾਅਦ ਹੀ ਕਰਵਾਈਆਂ ਜਾਣਗੀਆਂ। ਸਰਕਾਰ ਸਤੰਬਰ ਵਿੱਚ ਨਿਗਮ ਚੋਣਾਂ ਕਰਵਾਉਣਾ ਚਾਹੁੰਦੀ ਹੈ ਕਿਉਂਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਵਾਰਡਬੰਦੀ ਨੂੰ ਹਾਲੇ ਅੰਤਿਮ ਰੂਪ ਦਿੱਤਾ ਜਾਣਾ ਹੈ।