Health
ਸਿਹਤ ਬੀਮਾ ਚਾਹਵਾਨਾਂ ਲਈ ਆਈ ਅਹਿਮ ਖਬਰ,ਜਾਣੋ ਵੇਰਵਾ

ਚੰਡੀਗੜ੍ਹ16ਸਤੰਬਰ 2023 : ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਲਈ ਪੰਜਾਬ ਰਾਜ ਸਿਹਤ ਏਜੰਸੀ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ‘ਆਯੂਸ਼ਮਾਨ ਤੁਹਾਡੇ ਦੁਆਰ’ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਇਹ ਮੁਹਿੰਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਸ਼ੁਰੂ ਕੀਤੀ ਗਈ ‘ਆਯੂਸ਼ਮਾਨ ਭਾਵ’ ਮੁਹਿੰਮ ਦਾ ਹਿੱਸਾ ਹੈ। ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਕਿਹਾ ਕਿ ਇਹ ਸਕੀਮ ਰਾਜ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੀ ਨਕਦ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਸ ਸਕੀਮ ਤਹਿਤ ਲਗਭਗ 1600 ਤਰ੍ਹਾਂ ਦੇ ਇਲਾਜ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦਾ ਇਲਾਜ ਆਦਿ ਸ਼ਾਮਲ ਹਨ। ਹੁਣ ਲਾਭਪਾਤਰੀ ਰਾਸ਼ਟਰੀ ਸਿਹਤ ਅਥਾਰਟੀ ਦੇ ‘ਆਯੂਸ਼ਮਾਨ ਐਪ’ ‘ਤੇ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਲਈ ਵੀ ਅਰਜ਼ੀ ਦੇ ਸਕਦੇ ਹਨ।