Connect with us

Punjab

ਅੰਮ੍ਰਿਤਪਾਲ ਨੂੰ ਲੱਗਿਆ ਝਟਕਾ, CISF ਨੇ ਏਅਰਪੋਰਟ ‘ਤੇ ਫੜਿਆ ਉਸਦਾ ਨਜ਼ਦੀਕੀ ਸਾਥੀ

Published

on

ਹੁਣ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅਤੇ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ ’ਤੇ ਕਾਰਵਾਈ ਹੋਣੀ ਸ਼ੁਰੂ ਹੋ ਗਈ ਹੈ। ਅਜਨਾਲਾ ਥਾਣੇ ‘ਤੇ ਹਮਲੇ ਤੋਂ ਬਾਅਦ ਅੰਮ੍ਰਿਤਪਾਲ ਦੇ ਸੋਸ਼ਲ ਮੀਡੀਆ ਨੂੰ ਸੰਭਾਲਣ ਵਾਲੇ ਗੁਰਿੰਦਰਪਾਲ ਸਿੰਘ ਔਜਲਾ ਨੂੰ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੇ ਉਸ ਨੂੰ ਹਵਾਈ ਅੱਡੇ ‘ਤੇ ਕਾਬੂ ਕਰ ਲਿਆ ਅਤੇ ਉਸ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ। ਉਹ ਯੂਨਾਈਟਿਡ ਕਿੰਗਡਮ (ਯੂ.ਕੇ.) ਜਾ ਰਿਹਾ ਸੀ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੇ ਮਾਮਲੇ ‘ਚ 20 ਫਰਵਰੀ ਨੂੰ ਜਲੰਧਰ ‘ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।

ਜਲੰਧਰ ਕਮਿਸ਼ਨਰੇਟ ਦੀ ਪੁਲਸ ਨੇ ਉਸ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਉਹ ਜਲੰਧਰ ਦੇ ਕੁੱਕੜ ਪਿੰਡ ਦਾ ਰਹਿਣ ਵਾਲਾ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਹੀ ਪੰਜਾਬ ਵਿੱਚ ਸੀ। ਜਲੰਧਰ ਦੇ ਡੀਸੀਪੀ (ਜਾਂਚ) ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਅਦਾਲਤ ਦੇ ਨਿਯਮਾਂ ਅਨੁਸਾਰ ਮੁਲਜ਼ਮਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਮਾਮਲਾ ਹੈ
24 ਫਰਵਰੀ ਨੂੰ ਅਜਨਾਲਾ ‘ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਭੀੜ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਸ ਤੋਂ ਰਿਹਾਅ ਕਰਵਾਉਣ ਲਈ ਇਕੱਠੀ ਹੋਈ ਸੀ। ਅੰਮ੍ਰਿਤਪਾਲ ਸਿੰਘ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਥਾਣਾ ਅਜਨਾਲਾ ਵਿਖੇ ਪੁੱਜੇ ਹੋਏ ਸਨ। ਇਸ ਦੀ ਆੜ ‘ਚ ਉਨ੍ਹਾਂ ਦੇ ਸਮਰਥਕਾਂ ਨੇ ਅਜਨਾਲਾ ਥਾਣੇ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਛੇ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਬਾਅਦ ਵਿੱਚ ਪੰਜਾਬ ਪੁਲਿਸ ਨੇ ਲਵਪ੍ਰੀਤ ਸਿੰਘ ਤੂਫਾਨ ਨੂੰ ਵੀ ਰਿਹਾਅ ਕਰ ਦਿੱਤਾ।