Connect with us

Punjab

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੁਰਦਾਸਪੁਰ ‘ਚ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

Published

on

6 ਅਪ੍ਰੈਲ 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ, ਬੀ.ਐੱਸ.ਐੱਫ . ਦੇ ਜਵਾਨਾਂ ਵੱਲੋਂ ਸਰਹੱਦੀ ਖੇਤਰ ਅੰਦਰ ਬਹਿਰਾਮਪੁਰ, ਦੌਰਾਗਲਾ , ਆਦਿ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਥਾਣਾ ਬਹਿਰਾਮਪੁਰ ਤੋਂ ਸ਼ੁਰੂ ਹੋਇਆ।

 

ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਕੀਤੀ ਜਾ ਰਹੀ ਪਾਲਣਾ
ਐੱਸ ਐੱਸ ਪੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜੋ ਲੋਕ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਜਿੰਨੇ ਵੀ ਅਦਾਰੇ ਚੋਣ ਅਮਲ ਵਿੱਚ ਸ਼ਾਮਲ ਹਨ ਅਤੇ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਮੀਟਿੰਗਾਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਇਸਦੇ ਨਾਲ ਹੀ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦਾ ਸੁਨੇਹਾ ਦੇਣ ਦੇ ਨਾਲ ਇਹ ਸੁਨੇਹਾ ਵੀ ਦਿੱਤਾ ਗਿਆ ਹੈ।

 

ਫਲੈਗ ਮਾਰਚ ਜਰੀਏ ਅਨਸਰਾਂ ਨੂੰ ਦਿੱਤਾ ਗਿਆ ਸੁਨੇਹਾ
ਐੱਸ ਐੱਸ ਪੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

 

ਬਿਨਾਂ ਕਿਸੇ ਡਰ ਵੋਟਰ ਪੋਲਿੰਗ ਬੂਥਾਂ ਤੇ ਪਹੁੰਚਣ
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਰਾਰਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸੰਵਿਧਾਨਿਕ ਹੱਕ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ। ਇਸ ਮੌਕੇ ਡੀਐਸਪੀ ਦੀਨਾਨਗਰ ਸੁਖਵਿੰਦਰ ਪਾਲ ਸਿੰਘ, ਡੀਐਸਪੀ ਬਲਜੀਤ ਸਿੰਘ ਥਾਣਾ ਮੁਖੀ ਬਹਿਰਾਮਪੁਰ ਅਵਤਾਰ ਸਿੰਘ, ਦੀਨਾਨਗਰ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਤੇ ਬੀਐਸਐਫ ਦੇ ਜਵਾਨ ਹਾਜ਼ਰ ਸਨ