Connect with us

Punjab

ਪੰਜਾਬ ‘ਚ ਵਧਾਈ ਗਈ ਸੁਰੱਖਿਆ, DGP ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਜਾਰੀ

Published

on

ਚੰਡੀਗੜ੍ਹ/ਜਲੰਧਰ: ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ‘ਤੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀ. ਨੂੰ ਅਗਲੇ 10 ਦਿਨਾਂ ਲਈ ਸੂਬੇ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਸਾਕਾ ਨੀਲਾ ਤਾਰਾ ਦੀ ਬਰਸੀ ਦੇ ਸਬੰਧ ਵਿੱਚ ਹਰ ਸਾਲ ਘੱਲੂਘਾਰਾ ਹਫਤਾ ਮਨਾਇਆ ਜਾਂਦਾ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ ਘੱਲੂਘਾਰਾ ਹਫ਼ਤਾ 1 ਤੋਂ 6 ਜੂਨ ਤੱਕ ਪੈਂਦਾ ਹੈ। ਇਸ ਦੇ ਮੱਦੇਨਜ਼ਰ ਡੀ.ਜੀ.ਪੀ. ਗੌਰਵ ਯਾਦਵ ਨੇ ਫੀਲਡ ‘ਚ ਤਾਇਨਾਤ ਸਾਰੇ ਪੁਲਸ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਆਪਣੇ-ਆਪਣੇ ਖੇਤਰਾਂ ‘ਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਅੰਮ੍ਰਿਤਸਰ ਵਿੱਚ ਹਰ ਸਾਲ ਕੁਝ ਸਿੱਖ ਜਥੇਬੰਦੀਆਂ ਵੱਲੋਂ ਘੱਲੂਘਾਰਾ ਹਫ਼ਤੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਹਨ।

ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ ਕਿਉਂਕਿ ਅਜਿਹੇ ਸੰਵੇਦਨਸ਼ੀਲ ਸਮੇਂ ਵਿੱਚ ਪੰਜਾਬ ਦੇ ਗੁਆਂਢੀ ਮੁਲਕਾਂ ਦੀਆਂ ਗਤੀਵਿਧੀਆਂ ਵੀ ਤੇਜ਼ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੂਬਾ ਪੁਲਿਸ ਨੂੰ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਨਿਰਦੇਸ਼ ਦੇ ਚੁੱਕੇ ਹਨ।

ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਚੈਕਿੰਗ ਵਧਾ ਦਿੱਤੀ ਗਈ ਹੈ। ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੂਬੇ ਦੇ ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਥਾਵਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਨੂੰ ਫੀਲਡ ਵਿੱਚ ਜਾ ਕੇ ਕੰਮ ਕਰਨ ਲਈ ਕਿਹਾ ਗਿਆ ਹੈ।