Connect with us

Punjab

ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

Published

on

ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਜੋ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾ ਸਕਣ। ਉਹ ਅੱਜ ਇਥੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ, ਜਨਨੀ ਸੁਰੱਖਿਆ ਯੋਜਨਾ ਤੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਪ੍ਰੋਗਰਾਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਲਈ ਚਲਾਏ ਜਾ ਰਹੇ ਇਨ੍ਹਾਂ ਪ੍ਰੋਗਰਾਮਾਂ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਉਕਤ ਯੋਜਨਾ ਦਾ ਲਾਭ ਉਠਾ ਸਕਣ। ਉਨ੍ਹਾਂ ਜ਼ਿਲ੍ਹੇ ‘ਚ ਬਿਹਤਰ ਹੋਏ ਲਿੰਗ ਅਨੁਪਾਤ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਮਿਸ਼ਨ ਤਹਿਤ ਜ਼ਿਲ੍ਹੇ ‘ਚ 1000 ਲੜਕਿਆਂ ਪਿੱਛੇ ਲੜਕੀਆਂ ਦੀ ਗਿਣਤੀ 1031 ਹੋ ਗਈ ਹੈ, ਜੋ ਸੂਬੇ ‘ਚ ਸਭ ਤੋਂ ਜ਼ਿਆਦਾ ਹੈ ਤੇ ਦੇਸ਼ ‘ਚ ਅੱਠਵੇਂ ਸਥਾਨ ‘ਤੇ ਹੈ।

ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਹਦਾਇਤ ਕੀਤੀ ਕਿ ਹਸਪਤਾਲਾਂ ‘ਚ ਰੈੱਡ ਕਰਾਸ ਸੁਸਾਇਟੀ ਦਾ ਨੰਬਰ ਜ਼ਰੂਰ ਲਿਖਿਆ ਜਾਵੇ ਤਾਂ ਜੋ ਕਿਸੇ ਲੋੜਵੰਦ ਵੱਲੋਂ ਜ਼ਰੂਰਤ ‘ਤੇ ਰੈੱਡ ਕਰਾਸ ਸੁਸਾਇਟੀ ਨਾਲ ਸੰਪਰਕ ਕੀਤਾ ਜਾ ਸਕੇ। ਉਨ੍ਹਾਂ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਨੂੰ ਜ਼ਿਲ੍ਹੇ ‘ਚ ਹੋਰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਜ਼ੋਰ ਦਿੰਦਿਆ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿਥੇ ਡੇਂਗੂ, ਮਲੇਰੀਆਂ, ਚਿਕਨਗੁਨੀਆਂ ਸਮੇਤ ਹੋਰਨਾਂ ਬਿਮਾਰੀਆਂ ਦੇ ਕੇਸ ਸਾਹਮਣੇ ਆਏ ਹਨ, ਉਨ੍ਹਾਂ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਸਿਹਤ ਸੇਵਾਵਾਂ ਨਾਲ ਸਬੰਧਤ ਚਲਾਏ ਜਾ ਰਹੇ ਹਰੇਕ ਪ੍ਰੋਗਰਾਮ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਜ਼ਿਲ੍ਹੇ ‘ਚ ਸੁਚਾਰੂ ਢੰਗ ਨਾਲ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਇਕ ਐਮ.ਐਮ.ਯੂ. ਵੈਨ ਹੈ, ਜਿਸ ਨੇ ਅਪ੍ਰੈਲ ਮਹੀਨੇ ‘ਚ 1208 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਇਸ ‘ਚ 944 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ‘ਚ ਮੁਹੱਲਾ ਕਲੀਨਿਕ ਖੋਲਣ ਸਬੰਧੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ ਅਤੇ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ।

ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ. ਇਸਮਿਤ ਵਿਜੈ ਸਿੰਘ, ਚਰਨਜੀਤ ਸਿੰਘ, ਹਿਮਾਸ਼ੂ ਗੁਪਤਾ, ਕੰਨੂ ਗਰਗ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਸਿਵਲ ਸਰਜਨ ਡਾ. ਰਾਜੂ ਧੀਰ ਸਮੇਤ ਸਮੂਹ ਐਸ.ਐਮ.ਓਜ਼ ਮੌਜੂਦ ਸਨ।