Punjab
ਪਿੰਡਾਂ ਵਿਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦੀ ਸ਼ੁਰੂਆਤ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਦੇ ਮੌਕੇ-ਡਿਪਟੀ ਕਮਿਸ਼ਨਰ

ਪਟਿਆਲਾ, :
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਦੇਰ ਸ਼ਾਮ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਾਰੇ ਪ੍ਰਾਜੈਕਟ ਮਿਥੇ ਸਮੇਂ ‘ਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਮੁਤਾਬਿਕ ਵੱਖ ਵੱਖ ਪਿੰਡਾਂ ਵਿਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦੀ ਸ਼ੁਰੂਆਤ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਦੇ ਮੌਕੇ ਕੀਤੀ ਜਾਵੇਗੀ। ਜਦੋਂ ਕਿ ਮਾਲ ਸੁਵਿਧਾ ਕੈਂਪ 7 ਅਪ੍ਰੈਲ ਨੂੰ ਪਟਿਆਲਾ ਦੇ ਪਿੰਡ ਸ਼ੇਰਮਾਜਰਾ ਵਿਖੇ ਲਗਾਇਆ ਜਾ ਰਿਹਾ ਹੈ, ਜਿਥੇ ਇੰਤਕਾਲ, ਫ਼ਰਦ ਬਦਰ ਜਾਂ ਮਾਲ ਰਿਕਾਰਡ ਨਾਲ ਸਬੰਧਤ ਕੰਮ ਨਿਪਟਾਏ ਜਾਣਗੇ। ਮੀਟਿੰਗ ਦੌਰਾਨ ਸਮੁੱਚੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਤੇ ਪ੍ਰਸ਼ਾਸਨਿਕ ਕੰਮਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਬਿਨਾ ਦੇਰੀ ਨਿਪਟਾਏ ਜਾਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਸ੍ਰੀਮਤੀ ਸਾਹਨੀ ਨੇ ਕਿਹਾ ਕਿ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ ਆਪਸੀ ਤਾਲਮੇਲ ਨਾਲ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।
ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਮੌਕੇ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਪੇਂਡੂ ਵਿਕਾਸ ਵਿਭਾਗ ਨਾਲ ਮਿਲਕੇ ਪੰਚਾਇਤੀ ਜ਼ਮੀਨਾਂ ਵਿਚ ਫ਼ਸਲੀ ਵਿਭਿੰਨਤਾ ਨੂੰ ਪ੍ਰਫੁਲਿਤ ਕਰਨ। ਉਹਨਾਂ ਇਹ ਵੀ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਮੌਕੇ ਪਾਰਦਰਸ਼ਤਾ ਰੱਖਣ ਲਈ ਵੀਡੀਓ ਗਰਾਫ਼ੀ ਕਰਵਾਈ ਜਾਵੇ। ਉਹਨਾਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਮੀਖਿਆ ਕਰਦਿਆਂ ਹੁਨਰਮੰਦ ਦੇ ਗੈਰ ਹੁਨਰਮੰਦ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀ ਤਰਜੀਹ ਮੁਤਾਬਿਕ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਉਤੇ ਵੀ ਜ਼ੋਰ ਦਿਤਾ।