Punjab
ਕਿਸਾਨ ਅੰਦੋਲਨ : ਦਿੱਲੀ ਵੱਲ ਵਧਣੇ ਸ਼ੁਰੂ ਹੋਏ ਕਿਸਾਨ, ਜੇਸੀਬੀ ਤੇ ਹੋਰ ਵਾਹਨ ਵੀ ਨਾਲ ਲੈਕੇ ਜਾ ਰਹੇ ਕਿਸਾਨ
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹੁਣ ਤੱਕ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144
ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਜ ਸ਼ੰਭੂ ਬਾਰਡਰ ਸਣੇ ਕਈ ਥਾਵਾਂ ’ਤੇ ਮੌਕ ਡਰਿੱਲ ਵੀ ਕੀਤੀ, ਜਿਸ ਤਹਿਤ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਦੇਖੇ ਗਏ। ਇਸ ਤੋਂ ਇਲਾਵਾ ਡਰੋਨ ਰਾਹੀਂ ਵੀ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਤਿਆਰੀ ਕੀਤੀ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਈ ਗਈ ਹੈ।
ਰਾਸ਼ਨ-ਪਾਣੀ ਦਾ ਪੂਰਾ ਬੰਦੋਬਸਤ
ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਪੱਕਾ ਮੋਰਚਾ ਲਗਾਉਣ ਲਈ ਰਾਸ਼ਨ-ਪਾਣੀ ਦਾ ਪੂਰਾ ਬੰਦੋਬਸਤ ਕੀਤਾ ਗਿਆ ਹੈ। ਟਰਾਲੀਆਂ ਵਿਚ ਬਿਸਤਰੇ, ਰਜਾਈਆਂ, ਗੱਦੇ, ਤਰਪਾਲਾਂ, ਬਾਲਣ, ਪਲਾਈਬੋਰਡ ਤੇ ਹੋਰ ਲੋੜੀਂਦਾ ਸਾਰਾ ਸਾਮਾਨ ਕਿਸਾਨਾਂ ਨੇ ਲੱਦਿਆ ਹੋਇਆ ਹੈ।
JCB ਲੈ ਕੇ ਦਿੱਲੀ ਵੱਲ ਵਧੇ ਕਿਸਾਨ
ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਤੇ ਹਰਿਆਣਾ ਦੀ ਸਰਹੱਦ ’ਤੇ ਲਗਾਈਆਂ ਗਈਆਂ ਰੋਕਾਂ ਨੂੰ ਤੋੜਨ ਲਈ ਵੀ ਕਿਸਾਨ ਜਥੇਬੰਦੀਆਂ ਨੇ ਪੂਰੀ ਤਿਆਰੀਆਂ ਕੀਤੀਆਂ ਹੋਈਆਂ ਹਨ। ਕਿਸਾਨ ਜਥੇਬੰਦੀਆਂ ਦਿੱਲੀ ਕੂਚ ਲਈ ਕਰੇਨ, ਜੇਸੀਬੀ ਤੇ ਹੋਰ ਵਾਹਨ ਵੀ ਨਾਲ ਲੈ ਕੇ ਜਾ ਰਹੀਆਂ ਹਨ।
16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ
ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਦਿੱਲੀ ਮਾਰਚ ਲਈ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੇ ਕਿਸਾਨ ਵੱਡੀ ਗਿਣਤੀ ‘ਚ ਹਰਿਆਣਾ ਦੀ ਸਰਹੱਦ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਵਪਾਰੀਆਂ ਨੂੰ ਇਸ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ।
ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ
15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਾ ਗਿਆ ਹਨ । ਇਸੇ ਦੌਰਾਨ 12 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੰਡੀਗੜ੍ਹ ਵਿੱਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ।