Punjab
ਲੱਖਾ ਸਿਧਾਣਾ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਦਿੱਤਾ ਸਮਰਥਨ ਕਿਹਾ -ਆ ਰਹੇ ਹਾਂ ਦਿੱਲੀਏ ਤਿਆਰ ਰਹੀ
ਸਮਾਜ ਸੇਵੀ ਲੱਖਾ ਸਿਧਾਣਾ ਨੇ ਕਿਸਾਨਾਂ ਦੇ ਦਿੱਲੀ ਕੂਚ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦਿੱਲੀ ਜਾਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਅਸੀਂ ਆ ਰਹੇ ਹਾਂ, ਤਿਆਰ ਰਹੀ ਦਿੱਲੀਏ’। ਇਹ ਸਾਡੀ ਹੋਂਦ ਦਾ ਸਵਾਲ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੀਆਂ ਨਸਲਾਂ, ਫਸਲਾਂ ਨੂੰ ਬਚਾਉਣ ਦਿੱਲੀ ਜਾਣਾ ਹੈ।
ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਵੱਲ ਵਧ ਰਹੇ ਹਨ। ਇਸ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਪ੍ਰਬੰਧ ਸਖਤ ਕਰ ਦਿੱਤੇ ਹਨ। ਕਿਸਾਨ 10 ਵਜੇ ਪੰਜਾਬ-ਹਰਿਆਣਾ ਬਾਰਡਰ ਉਤੇ ਪਹੁੰਚਣੇ ਸ਼ੁਰੂਈ ਹੋ ਗਏ ਸਨ ਕਿਸਾਨਾਂ ਨੇ ਆਖਿਆ ਹੈ ਕਿ ਉਹ ਸਾਰੀਆਂ ਰੋਕਾਂ ਤੋੜ ਕੇ ਅੱਗੇ ਵਧਣਗੇ।
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹੁਣ ਤੱਕ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।
ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਅੱਜ ਸ਼ੰਭੂ ਬਾਰਡਰ ਸਣੇ ਕਈ ਥਾਵਾਂ ’ਤੇ ਮੌਕ ਡਰਿੱਲ ਵੀ ਕੀਤੀ, ਜਿਸ ਤਹਿਤ ਅੱਥਰੂ ਗੈਸ ਦੇ ਗੋਲੇ ਦਾਗ਼ ਕੇ ਦੇਖੇ ਗਏ। ਇਸ ਤੋਂ ਇਲਾਵਾ ਡਰੋਨ ਰਾਹੀਂ ਵੀ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਤਿਆਰੀ ਕੀਤੀ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਗਾਈ ਗਈ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਪੱਕਾ ਮੋਰਚਾ ਲਗਾਉਣ ਲਈ ਰਾਸ਼ਨ-ਪਾਣੀ ਦਾ ਪੂਰਾ ਬੰਦੋਬਸਤ ਕੀਤਾ ਗਿਆ ਹੈ। ਟਰਾਲੀਆਂ ਵਿਚ ਬਿਸਤਰੇ, ਰਜਾਈਆਂ, ਗੱਦੇ, ਤਰਪਾਲਾਂ, ਬਾਲਣ, ਪਲਾਈਬੋਰਡ ਤੇ ਹੋਰ ਲੋੜੀਂਦਾ ਸਾਰਾ ਸਾਮਾਨ ਕਿਸਾਨਾਂ ਨੇ ਲੱਦਿਆ ਹੋਇਆ ਹੈ।