Uncategorized
ਲਖੀਮਪੁਰ ਘਟਨਾ ਨੂੰ ਦੁਖਦਾਈ ਦੱਸਦਿਆਂ ਰਣਦੀਪ ਨਾਭਾ ਵੱਲੋਂ ਸੀਟਿੰਗ ਹਾਈ ਕੋਰਟ ਜੱਜ ਵੱਲੋਂ ਜਾਂਚ ਕਰਵਾਉਣ ਦੀ ਮੰਗ
ਲਖੀਮਪੁਰ ਘਟਨਾ ਨੂੰ ਦੁਖਦਾਈ ਦੱਸਦਿਆਂ ਰਣਦੀਪ ਨਾਭਾ ਵੱਲੋਂ ਸੀਟਿੰਗ ਹਾਈ ਕੋਰਟ ਜੱਜ ਵੱਲੋਂ ਜਾਂਚ ਕਰਵਾਉਣ ਦੀ ਮੰਗ
ਨਜ਼ਰਬੰਦ ਸੀਨੀਅਰ ਕਾਂਗਰਸੀ ਆਗੂਆਂ ਦੀ ਰਿਹਾਈ ਦੀ ਕੀਤੀ ਮੰਗ
ਚੰਡੀਗੜ੍ਹ, ਅਕਤੂਬਰ : ਲਖੀਮਪੁਰ ਘਟਨਾ ਨੂੰ ਮੰਦਭਾਗਾ ਅਤੇ ਦੁਖਦਾਈ ਕਰਾਰ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਅੱਜ ਕਿਹਾ ਕਿ ਸੀਟਿੰਗ ਹਾਈ ਕੋਰਟ ਜੱਜ ਵੱਲੋਂ ਤੁਰੰਤ ਸਮਾਂਬੱਧ ਢੰਗ ਨਾਲ ਜਾਂਚ ਸ਼ੁਰੂ ਕੀਤੀ ਜਾਵੇ ਤਾਂ ਜੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਤਹਿਤ ਬਣਦੀ ਸਜ਼ਾ ਦਿੱਤੀ ਜਾਵੇ।
ਸ੍ਰੀ ਨਾਭਾ ਨੇ ਸੀਨੀਅਰ ਕਾਂਗਰਸੀ ਨੇਤਾਵਾਂ ਸ੍ਰੀਮਤੀ ਪ੍ਰਿਯੰਕਾ ਗਾਂਧੀ, ਦੀਪਇੰਦਰ ਸਿੰਘ ਹੁੱਡਾ ਅਤੇ ਹੋਰਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਜੋ ਸੂਬਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਹਨ। ਸ੍ਰੀ ਨਾਭਾ ਨੇ ਅੱਗੇ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪਿਛਲੇ ਡੇਢ ਸਾਲ ਤੋਂ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨ ਬਹੁਤ ਦੁਖੀ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕਤੰਤਰ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਇੱਕ ਉਦਾਹਰਣ ਵੀ ਹੈ।
ਦੋਸ਼ੀਆਂ ਦੇ ਖਿਲਾਫ਼ ਕੇਸ ਦਰਜ ਨਾ ਕਰਨ ਅਤੇ ਫਰਾਰ ਹੋਣ ਵਿੱਚ ਉਹਨਾਂ ਦੀ ਸਹਾਇਤਾ ਕਰਨ ਨਾਲ ਸੂਬਾ ਸਰਕਾਰ ਦੇ ਇਰਾਦਿਆਂ ਦਾ ਪਤਾ ਲੱਗਦਾ ਹੈ ਅਤੇ ਉਹਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਜਮਹੂਰੀਅਤ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਬਹੁਤ ਮੰਦਭਾਗਾ ਹੈ। ਸ੍ਰੀ ਨਾਭਾ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਅਤੇ ਇਸ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।