Punjab
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਲੱਖਾਂ ਸ਼ਰਧਾਲੂ
18 ਜਨਵਰੀ 2024: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਦੁਨੀਆ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਪੰਜਾਬ ਦੇ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਮੱਥਾ ਟੇਕਿਆ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਰੌਸ਼ਨੀ ਪੈਦਾ ਕਰਨ ਵਾਲੀਆਂ ਲਾਈਟਾਂ ਸਜਾਈਆਂ ਗਈਆਂ।
ਓਥੇ ਹੀ ਸ਼ਾਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਹਾਤੇ ਵਿੱਚ ਦੀਵੇ ਜਗਾਏ ਗਏ ਅਤੇ ਆਤਿਸ਼ਬਾਜ਼ੀ ਕੀਤੀ ਗਈ। ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੌਸ਼ਨ ਹੋ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਪਵਿੱਤਰ ਝੀਲ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।
10ਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਅਤੇ ਪੰਥਕ ਕਵੀਸ਼ਰਾਂ ਨੇ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਕਈ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।