National
ਸ਼ਰਾਬ ਘੁਟਾਲਾ ਮਾਮਲਾ : ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ਵਿੱਚ ਪਿਛਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਮੰਗਲਵਾਰ ਨੂੰ ਰੱਦ ਕਰ ਦਿੱਤੀ। ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਬਿਨੈਕਾਰ (ਸਿਸੋਦੀਆ) ਇੱਕ ਤਾਕਤਵਰ ਵਿਅਕਤੀ ਹੋਣ ਕਾਰਨ ਉਸ ਦੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤੇ ਗਏ ‘ਆਪ’ ਆਗੂ ਨੂੰ ਇਹ ਕਹਿ ਕੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਸ ਖ਼ਿਲਾਫ਼ ਲੱਗੇ ਦੋਸ਼ ਬਹੁਤ ਗੰਭੀਰ ਹਨ। ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਿਸੋਦੀਆ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਅਤੇ ਜ਼ਮਾਨਤ ‘ਤੇ ਰਿਹਾਅ ਹੋਣ ‘ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਿਸੋਦੀਆ ਨੂੰ ਸੀਬੀਆਈ ਨੇ ਹੁਣ ਰੱਦ ਕੀਤੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
ਉਸਨੇ ਇੱਕ ਹੇਠਲੀ ਅਦਾਲਤ ਦੇ 31 ਮਾਰਚ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਨੇ ਇਸ ਕੇਸ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਅਤੇ ਕਿਹਾ ਸੀ ਕਿ ਉਹ “ਘਪਲੇ” ਦਾ “ਪਹਿਲੀ ਨਜ਼ਰੀ ਆਰਕੀਟੈਕਟ” ਸੀ ਅਤੇ ਉਹ ਅਪਰਾਧਿਕ ਸਾਜ਼ਿਸ਼ ਵਿੱਚ “ਸਭ ਤੋਂ ਮਹੱਤਵਪੂਰਨ ਖਿਡਾਰੀ” ਸੀ।