Connect with us

News

ਬੈਂਕਾਕ ਦੇ ਪੱਬ ਵਿੱਚ ਲੱਗੀ ਭਿਆਨਕ ਅੱਗ, 27 ਲੋਕਾਂ ਦੀ ਮੌਤ

Published

on

ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੋਂ ਵੱਡੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਬੈਂਕਾਕ ਦੇ ਇੱਕ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 60 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਦੇਰ ਰਾਤ ਵਾਪਰਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਪੱਬ ਦੇ ਅੰਦਰ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਮਚ ਗਈ। ਚਾਰੇ ਪਾਸੇ ਸੰਘਣਾ ਧੂੰਆਂ ਫੈਲ ਗਿਆ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਬਾਹਰ ਵੱਲ ਭੱਜਣ ਲੱਗੇ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਸਟੇਜ ਨੇੜੇ ਲੱਗੇ ਸਰਕਟ ਬ੍ਰੇਕਰ ਵਿੱਚੋਂ ਪਹਿਲਾਂ ਧੂੰਆਂ ਨਿਕਲਿਆ, ਫਿਰ ਬਿਜਲੀ ਚਲੀ ਗਈ ਅਤੇ ਧਮਾਕੇ ਦੀ ਆਵਾਜ਼ ਸੁਣੀ ਗਈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚੀਆਂ। ਅੱਗ ‘ਤੇ ਕਾਬੂ ਪਾਉਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਗਈ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ।

ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਾਰਨਵੀਰਾਕੂਲ ਵੀ ਘਟਨਾ ਸਥਾਨ ‘ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਲਈ।

ਫਿਲਹਾਲ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। 27 ਲੋਕਾਂ ਦੀ ਮੌਤ ਨਾਲ ਬੈਂਕਾਕ ਵਿੱਚ ਵਾਪਰੇ ਇਸ ਭਿਆਨਕ ਅੱਗ ਹਾਦਸੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।