Punjab
ਕੈਬਿਨਟ ਮੰਤਰੀ ਵੱਲੋਂ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ, ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਦਿੱਤੀ ਹਦਾਇਤ
ਚੰਡੀਗੜ੍ਹ:
ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਜਿਲ੍ਹਾ ਐਸ.ਏ.ਐਸ ਨਗਰ ਦੇ ਲੇਬਰ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਕੈਬਿਨਟ ਮੰਤਰੀ ਵੱਲੋਂ ਵਿਭਾਗ ਦੇ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਪੱਧਰ ਤੇ ਕੰਮ ਕਰਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਨੇ ਉਨ੍ਹਾਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆ ਦੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਵਿਚ ਆਉਂਦੀਆਂ ਮੁਸ਼ਕਲਾਂ ਬਾਰੇ ਕੈਬਿਨਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੇ ਹਰ ਵਰਗ ਦੀ ਉਨੱਤੀ ਲਈ ਵਚਨ ਬੱਧ ਹੈ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸਾਡੀ ਤਰੱਕੀ ਦਾ ਥੱਮ ਹਨ। ਇਸ ਲਈ ਉਸਾਰੀ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ। ਇਸ ਮੋਕੇ ਉਨ੍ਹਾਂ ਦੱਸਿਆ ਕਿ ਪਿਛਲੇ ਵਿਤੀ ਸਾਲ ਦੌਰਾਨ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਅਧੀਨ 35 ਕਰੋੜ ਰੁਪਏ ਦਾ ਲਾਭ ਕਿਰਤੀਆਂ ਨੂੰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਪਹਿਲੇ 4 ਮਹੀਨਿਆ ਦੌਰਾਨ ਹੀ 34 ਕਰੋੜ ਰੁਪਏ ਦੀ ਵੰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਭਲਾਈ ਸਕੀਮਾਂ ਅਧੀਨ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ। ਕੈਬਿਨਟ ਮੰਤਰੀ ਮੈਡਮ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਦੀਆਂ ਲੰਬਿਤ ਪ੍ਰਤੀ ਬੇਨਤੀਆਂ ਨੂੰ ਸਮਾਂ ਬੱਧ ਕਰਕੇ ਨਿਪਟਾਇਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਕੀਮਾਂ ਲਾਗੂ ਕਰਨ ਸਮੇਂ ਜੇਕਰ ਅਧਿਕਾਰੀਆਂ ਵਲੋਂ ਕੰਮ ਕਰਨ ਵਿੱਚ ਕੋਈ ਅਣਗਹਿਲੀ ਸਾਹਮਣੇ ਆਂਉਦੀ ਹੈ ਤਾਂ ਉਸਨੂੰ ਸਖਤੀ ਨਾਲ ਨਿਪਟਾਇਆ ਜਾਵੇਗਾ ।
ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਬੋਰਡ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਜਿਲ੍ਹਾ ਪੱਧਰ ਤੇ ਕੈਂਪ ਅਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪਹਿਲਾਂ ਜਿਲ੍ਹਾ ਪੱਧਰੀ ਕੈਂਪ ਖਰੜ ਵਿਖੇ ਮਿਤੀ 21.08.2022 ਨੂੰ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਜਿਸ ਨੇ 12 ਮਹੀਨਿਆ ਵਿਚ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਵੇ ਉਹੋ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਬੋਰਡ ਦੀਆਂ ਸਕੀਮਾਂ ਦਾ ਲਾਭ ਲੈ ਸਕਦਾ ਹੈ।
ਮੀਟਿੰਗ ਦੌਰਾਨ ਜਿਲ੍ਹਾ ਪੱਧਰ ਦਫਤਰਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਕੈਬਿਨਟ ਮੰਤਰੀ ਜੀ ਨੂੰ ਜਾਣੂ ਕਰਵਾਇਆ ਗਿਆ ਜਿਨ੍ਹਾਂ ਨੂੰ ਜੱਲਦੀ ਹੱਲ ਕਰਨ ਲਈ ਮੰਤਰੀ ਜੀ ਵੱਲੋਂ ਭਰੋਸਾ ਦਿੱਤਾ ਗਿਆ।
ਇਸ ਮੋਕੇ ਕਿਰਤ ਵਿਭਾਗ ਦੇ ਸਕੱਤਰ ਸ਼੍ਰੀ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਸ਼੍ਰੀ ਅਰੁੱਣ ਸੇਖੜੀ, ਵਧੀਕ ਕਿਰਤ ਕਮਿਸ਼ਨਰ ਸ਼੍ਰੀਮਤੀ ਮੋਨਾ ਪੂਰੀ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੋਰ ਤੇ ਮੋਜੂਦ ਸਨ।