Connect with us

Punjab

ਪੰਜਾਬ ‘ਚ ਹਾਲੇ ਹੋਰ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ !

Published

on

ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਚਾਰ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈਣ ਦੀ ਉਮੀਦ ਹੈ ਤੇ ਹੋਰ ਜ਼ਿਲ੍ਹਿਆਂ ਵਿੱਚ ਹਲਕਾ ਅਤੇ ਆਮ ਮੀਂਹ ਪੈ ਸਕਦਾ ਹੈ।

ਉਧਰ ਦੂਜੇ ਪਾਸੇ ਪਹਾੜਾਂ ਵਿੱਚ ਮੀਂਹ ਨੇ ਪੰਜਾਬ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਜੰਮੂ-ਕਸ਼ਮੀਰ ਵਿੱਚ ਮੀਂਹ ਤੋਂ ਬਾਅਦ ਰਾਵੀ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਪਠਾਨਕੋਟ ਦੀਆਂ ਕਈ ਚੌਕੀਆਂ ਅਤੇ ਸਰਹੱਦਾਂ ਪਾਣੀ ਦੀ ਲਪੇਟ ਵਿੱਚ ਹਨ। ਇਸ ਦੇ ਨਾਲ ਹੀ ਪਠਾਨਕੋਟ ਦੇ ਕਈ ਪਿੰਡਾਂ ਵਿੱਚ 2 ਤੋਂ 3 ਫੁੱਟ ਤੱਕ ਪਾਣੀ ਭਰ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ਼ ਕਾਰਨ ਬਿਆਸ ਆਪਣੇ ਭਿਆਨਕ ਰੂਪ ਵਿੱਚ ਹੈ। ਹੁਸ਼ਿਆਰਪੁਰ, ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਹੜ੍ਹਾਂ ਦੀ ਲਪੇਟ ਵਿੱਚ ਹਨ। ਸਤਲੁਜ ਕਾਰਨ ਫਾਜ਼ਿਲਕਾ ਵਿੱਚ ਮੁਸ਼ਕਲਾਂ ਵਧ ਗਈਆਂ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਸੁਲਤਾਨਪੁਰ ਲੋਧੀ ਵਿੱਚ ਹਾਲਾਤ ਵਿਗੜਦੇ ਜਾ ਰਹੇ ਹਨ।

ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੌਸਮ ਸਬੰਧੀ ਭਵਿੱਖਬਾਣੀ-
ਪੰਜਾਬ ਵਿੱਚ ਕੱਲ੍ਹ ਯਾਨੀ ਕਿ ਮੰਗਲਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਭਾਰੀ ਅਤੇ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।ਬੁੱਧਵਾਰ ਤੋਂ ਪੰਜਾਬ ਵਿੱਚ ਹਾਲਾਤ ਫਿਰ ਆਮ ਹੋ ਜਾਣਗੇ। 72 ਘੰਟਿਆਂ ਤੱਕ ਹਾਲਾਤ ਆਮ ਰਹਿਣ ਤੋਂ ਬਾਅਦ, 23 ਅਗਸਤ ਤੋਂ ਸੂਬੇ ਵਿੱਚ ਮਾਨਸੂਨ ਫਿਰ ਸਰਗਰਮ ਹੋ ਜਾਵੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।