Punjab
ਅੱਜ ਆਉਣਗੇ ਨਗਰ ਨਿਗਮ ਚੋਣਾਂ ਦੇ ਨਤੀਜੇ
ਪੰਜਾਬ ਦੀ ਸਿਆਸਤ ਲਈ ਅੱਜ ਦਾ ਦਿਨ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ। ਸੂਬੇ ਭਰ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣੇ ਹਨ। ਸਵੇਰੇ ਤੋਂ ਹੀ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਪਾਰਟੀ ਦੇ ਆਗੂਆਂ ਤੋਂ ਲੈ ਕੇ ਉਮੀਦਵਾਰਾਂ ਤੱਕ ਦੀਆਂ ਨਜ਼ਰਾਂ ਕਾਊਂਟਿੰਗ ਸੈਂਟਰਾਂ ’ਤੇ ਟਿਕੀਆਂ ਹੋਈਆਂ ਹਨ।
ਇਨ੍ਹਾਂ ਚੋਣਾਂ ਵਿੱਚ ਕੁੱਲ 7555 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਅੱਜ ਹੋਣਾ ਹੈ। ਕਈ ਥਾਵਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਾਊਂਟਿੰਗ ਸੈਂਟਰਾਂ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਹੈ।
ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਇਹ ਚੋਣਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਵਜੋਂ ਵੀ ਦੇਖੀਆਂ ਜਾ ਰਹੀਆਂ ਹਨ। ਇਸ ਕਰਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਲਈ ਇਹ ਨਤੀਜੇ ਕਾਫੀ ਮਹੱਤਵਪੂਰਨ ਹਨ। ਹਰ ਪਾਰਟੀ ਆਪਣੀ ਜਿੱਤ ਦੇ ਦਾਅਵੇ ਕਰ ਰਹੀ ਹੈ, ਪਰ ਅਸਲ ਫੈਸਲਾ ਤਾਂ ਵੋਟਰਾਂ ਨੇ EVM ਮਸ਼ੀਨਾਂ ਵਿੱਚ ਬੰਦ ਕਰ ਦਿੱਤਾ ਹੈ, ਜੋ ਅੱਜ ਸਾਹਮਣੇ ਆਵੇਗਾ।
ਕਈ ਜ਼ਿਲ੍ਹਿਆਂ ਵਿੱਚ ਸਵੇਰੇ ਤੋਂ ਹੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਭੀੜ ਕਾਊਂਟਿੰਗ ਸੈਂਟਰਾਂ ਦੇ ਬਾਹਰ ਵੇਖਣ ਨੂੰ ਮਿਲ ਰਹੀ ਹੈ। ਜਿੱਤ ਦੇ ਜਸ਼ਨ ਲਈ ਪਹਿਲਾਂ ਹੀ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਹਾਰ ਦੇ ਡਰ ਕਾਰਨ ਕਈ ਉਮੀਦਵਾਰਾਂ ਦੀਆਂ ਧੜਕਣਾਂ ਵੀ ਤੇਜ਼ ਹੋਈਆਂ ਪਈਆਂ ਹਨ।
ਇਹ ਵੀ ਦੇਖਣਾ ਦਿਲਚਸਪ ਹੋਵੇਗਾ ਕਿ ਸ਼ਹਿਰੀ ਖੇਤਰਾਂ ਵਿੱਚ ਕਿਸ ਪਾਰਟੀ ਨੂੰ ਸਭ ਤੋਂ ਵੱਧ ਸਮਰਥਨ ਮਿਲਦਾ ਹੈ ਅਤੇ ਲੋਕ ਕਿਸ ਦੇ ਹੱਕ ’ਚ ਫੈਸਲਾ ਸੁਣਾਉਂਦੇ ਹਨ। ਚੋਣ ਨਤੀਜੇ ਪੰਜਾਬ ਦੀ ਆਉਣ ਵਾਲੀ ਸਿਆਸਤ ਦੀ ਦਿਸ਼ਾ ਵੀ ਤੈਅ ਕਰ ਸਕਦੇ ਹਨ।
ਫਿਲਹਾਲ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਕੁਝ ਹੀ ਘੰਟਿਆਂ ਵਿੱਚ ਤਸਵੀਰ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਕਿ ਪੰਜਾਬ ਦੇ ਨਗਰ ਨਿਗਮਾਂ ’ਤੇ ਕਿਸ ਪਾਰਟੀ ਦਾ ਕਬਜ਼ਾ ਰਹੇਗਾ।
