Punjab
ਨਗਰ ਨਿਗਮ ਚੋਣਾਂ: CM ਮਾਨ ਨੇ ਹੈਲੀਪੈਡ ਤੋਂ ਹੀ ਮਹਾਨਗਰ ਦੇ ਪ੍ਰੋਜੈਕਟਾਂ ਨੂੰ ਦਿੱਤੀ ਉਡਾਣ

ਲੁਧਿਆਣਾ 25 ਅਕਤੂਬਰ 2023 : ਧਾਰਮਿਕ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਸੀਐੱਮ ਭਗਵੰਤ ਮਾਨ ਨੇ ਹੈਲੀਪੈਡ ਤੋਂ ਹੀ ਮਹਾਨਗਰ ਦੇ ਪ੍ਰਾਜੈਕਟਾਂ ਨੂੰ ਹੁਲਾਰਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੈਰਾਥਨ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮਹਾਨਗਰ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਨਵੇਂ ਕੰਮ ਸ਼ੁਰੂ ਕੀਤੇ ਜਾ ਸਕਣ।
ਇਸ ਮੀਟਿੰਗ ਵਿੱਚ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਕੁਲਵੰਤ ਸਿੱਧੂ, ਸਰਬਜੀਤ ਕੌਰ ਮਾਣੂੰਕੇ, ਹਰਦੀਪ ਮੁੰਡੀਆਂ, ਰਾਜਿੰਦਰਪਾਲ ਕੌਰ ਛੀਨਾ, ਚੇਅਰਮੈਨ ਅਮਨਦੀਪ ਮੋਹੀ ਹਾਜ਼ਰ ਸਨ। ਇਸ ਮੀਟਿੰਗ ਨੂੰ ਸਿੱਧੇ ਤੌਰ ‘ਤੇ ਨਗਰ ਨਿਗਮ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਜਿਸ ਦੌਰਾਨ ਮੁੱਖ ਮੰਤਰੀ ਨੇ ਹਲਕਾ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।ਮੁੱਖ ਮੰਤਰੀ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ, ਜਿਸ ਸਬੰਧੀ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਦੋ ਪੜਾਵਾਂ ਵਿੱਚ ਹੋਵੇਗਾ। ਜਿਸ ਲਈ ਸੀ.ਐਮ ਮਾਨ ਨਗਰ ਨਿਗਮ ਚੋਣਾਂ ਦਾ ਸ਼ਡਿਊਲ ਐਲਾਨ ਹੋਣ ਤੋਂ ਪਹਿਲਾਂ ਲੁਧਿਆਣਾ ਵਿੱਚ ਦੋ ਵਾਰ ਦਸਤਕ ਦੇਣਗੇ।
ਅਧਿਕਾਰੀਆਂ ਨੂੰ ਵਿਧਾਇਕਾਂ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਡੀਸੀ ਸੁਰਭੀ ਮਲਿਕ, ਪੁਲੀਸ ਕਮਿਸ਼ਨਰ ਮਨਦੀਪ ਸਿੱਧੂ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਹਾਜ਼ਰ ਸਨ। ਜਿਨ੍ਹਾਂ ਨੂੰ ਨਵੇਂ ਸ਼ੁਰੂ ਕੀਤੇ ਪ੍ਰਾਜੈਕਟਾਂ ਸਬੰਧੀ ਵਿਧਾਇਕਾਂ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਹੇਠਲਾ ਸਟਾਫ਼ ਵੱਧ ਤੋਂ ਵੱਧ ਦਫ਼ਤਰ ਵਿੱਚ ਹਾਜ਼ਰ ਰਹਿਣ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਸਕਣ।