Punjab
ਅੱਜ ਤੋਂ ਸ਼ੁਰੂ ਹੋਵੇਗੀ ਤਰਨਤਾਰਨ ਜ਼ਿਮਨੀ ਚੋਣ ਦੀ ਨਾਮਜ਼ਦਗੀ ਪ੍ਰਕਿਰਿਆ
ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ (13 ਅਕਤੂਬਰ) ਤੋਂ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਇਹ ਸੀਟ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਗਿਣਤੀ 14 ਨਵੰਬਰ ਨੂੰ ਹੋਵੇਗੀ।
ਦੱਸ ਦੇਈਏ ਕਿ ਚਾਰੇ ਪ੍ਰਮੁੱਖ ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ‘ਆਪ’ ਤੋਂ ਹਰਮੀਤ ਸਿੰਘ ਸੰਧੂ, ਕਾਂਗਰਸ ਤੋਂ ਕਰਨਬੀਰ ਸਿੰਘ ਬੁਰਜ, ਅਕਾਲੀ ਦਲ ਤੋਂ ਸੁਖਵਿੰਦਰ ਕੌਰ ਰੰਧਾਵਾ ਅਤੇ ਭਾਜਪਾ ਤੋਂ ਹਰਜੀਤ ਸਿੰਘ ਸੰਧੂ ਸ਼ਾਮਲ ਹਨ। ਅੰਮ੍ਰਿਤਪਾਲ ਸਿੰਘ ਦੀ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ, ਨੇ ਸੁਧੀਰ ਸੂਰੀ ਕਤਲ ਕੇਸ ਦੇ ਦੋਸ਼ੀ ਸੰਦੀਪ ਸਿੰਘ ਉਰਫ਼ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ, ਆਈਏਐਸ ਰਾਹੁਲ ਨੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ। ਜ਼ਿਲਾ ਚੋਣ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ ਕੇ) ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਜਾ ਸਕਦੇ ਹਨ।
ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ 6 ਅਕਤੂਬਰ, 2025 ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਅਤੇ ਇਹ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ।
