Punjab
ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ED ਨੂੰ ਨੋਟਿਸ

23ਸਤੰਬਰ 2023: ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਓਥੇ ਹੀ ਉਹਨਾਂ ਨਾਲ ਹੀ ਪੁੱਛਿਆ ਕਿ ਖਹਿਰਾ ਖਿਲਾਫ ਚੱਲ ਰਹੇ ਕੇਸ ਨੂੰ ਕਿਉਂ ਨਾ ਟਾਲਿਆ ਜਾਵੇ। ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਉਸ ਦੇ ਖਿਲਾਫ 2015 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਇੱਕ ਕੇਸ ਵਿਚਾਰ ਅਧੀਨ ਹੈ। ਜਦੋਂ ਇਹ ਮਾਮਲਾ ਪੈਂਡਿੰਗ ਸੀ ਤਾਂ ਪਟੀਸ਼ਨਰ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਹਾਈ ਕੋਰਟ ਨੇ ਜਨਵਰੀ 2022 ਵਿੱਚ ਇਸ ਮਾਮਲੇ ਵਿੱਚ ਪਟੀਸ਼ਨਕਰਤਾ ਨੂੰ ਸ਼ਰਤੀਆ ਜ਼ਮਾਨਤ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਨਡੀਪੀਐਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੀ ਸ਼ਰਨ ਲਈ। ਇਸ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ। ਹੁਣ ਖਹਿਰਾ ਦਾ ਕਹਿਣਾ ਹੈ ਕਿ ਜਦੋਂ ਸੁਪਰੀਮ ਕੋਰਟ ਨੇ ਉਨ੍ਹਾਂ ਵਿਰੁੱਧ ਐਨਡੀਪੀਐਸ ਕੇਸ ਰੱਦ ਕਰ ਦਿੱਤਾ ਹੈ ਤਾਂ ਇਸ ਮਾਮਲੇ ਵਿੱਚ ਈਡੀ ਵੱਲੋਂ ਉਨ੍ਹਾਂ ਖ਼ਿਲਾਫ਼ ਦਾਇਰ ਮਨੀ ਲਾਂਡਰਿੰਗ ਦਾ ਕੇਸ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ‘ਤੇ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਮਾਮਲੇ ‘ਚ ਕੀਤੀ ਜਾ ਰਹੀ ਕਾਰਵਾਈ ਨੂੰ ਕਿਉਂ ਨਾ ਰੋਕਿਆ ਜਾਵੇ।