National
15 ਅਗਸਤ ਨੂੰ ਕਿਸਾਨ ਦੇਸ਼ ਭਰ ‘ਚ ਕਰਨਗੇ ਟਰੈਕਟਰ ਮਾਰਚ
RAHUL GANDHI : ਬੀਤੇ ਦਿਨ ਰਾਹੁਲ ਗਾਂਧੀ ਨੇ ਸੰਸਦ ਭਵਨ ਕੰਪਲੈਕਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਕੀਤੀ ਹੈ। ਜਿਸ ਵਿੱਚ MSP ਸਮੇਤ ਕਿਸਾਨੀ ਮੁੱਦਿਆਂ ‘ਤੇ ਚਰਚਾ ਕੀਤੀ ਹੈ।
ਮੀਟਿੰਗ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਜੈਰਾਮ ਰਮੇਸ਼ ਵੀ ਮੌਜੂਦ ਸਨ, ਐਨਜੀਓ ਸਰਵ ਸੇਵਾ ਸੰਘ ਦੇ ਵਫ਼ਦ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਐਮਐਸਪੀ ਲਈ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਰਾਹਤ ਲਈ ਸਰਕਾਰ ‘ਤੇ ਦਬਾਅ ਬਣਾਉਣ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। 11 ਮੈਂਬਰੀ ਵਫ਼ਦ ਨੇ ਸੰਸਦ ਭਵਨ ਕੰਪਲੈਕਸ ਵਿੱਚ ਰਾਹੁਲ ਗਾਂਧੀ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।
ਜਾਣਕਾਰੀ ਮੁਤਾਬਕ ਕਿਸਾਨਾਂ ਦੇ ਵਫ਼ਦ ਨੇ ਉਨ੍ਹਾਂ ਨੂੰ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰਨ ਅਤੇ ਇਸ ਲਈ ਸਰਕਾਰ ‘ਤੇ ਦਬਾਅ ਬਣਾਉਣ ‘ਤੇ ਵੀ ਜ਼ੋਰ ਦਿੱਤਾ।
ਕਿਸਾਨਾਂ ਨੇ ਕੀਤਾ ਐਲਾਨ
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਕਿਸਾਨ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਖ਼ਿਲਾਫ਼ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਰਹੇ ਹਨ। 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਿਸਾਨਾਂ ਨੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਸੰਘੂ ਅਤੇ ਸ਼ੰਭੂ ਸਮੇਤ ਦਿੱਲੀ ਦੀਆਂ ਸਰਹੱਦਾਂ ’ਤੇ ਪੁੱਜਣ ਦੀ ਅਪੀਲ ਕੀਤੀ ਗਈ ਹੈ। ਫੈਸਲਾ ਕੀਤਾ ਗਿਆ ਹੈ ਕਿ ਟਰੈਕਟਰ ਮਾਰਚ ਦੇ ਨਾਲ-ਨਾਲ ਨਵੇਂ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।