punjab
15 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਤੇਲ ਕੀਮਤਾਂ ਤੇ ਮਹਿੰਗਾਈ ਖ਼ਿਲਾਫ਼ ਲਾਣਗੇ ਧਰਨੇ

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਵਿੱਚ ਕੀਤੇ ਗਏ ਭਾਰੀ ਵਾਧੇ ਅਤੇ ਹਰ ਦਿਨ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ 15 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਵਿੱਚ ਜ਼ਿਲ੍ਹਾ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਅਤੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਜੱਥੇਦਾਰ ਇਨ੍ਹਾਂ ਰੋਸ ਪ੍ਰਦਰਸ਼ਨਾ ਦੀ ਅਗਵਾਈ ਕਰਨਗੇ। ਉਪਰੰਤ ਪਾਰਟੀ ਵੱਲੋਂ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕੀਮਤਾਂ ਵਾਪਸ ਲੈਣ ਲਈ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਸਬੰਧੀ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਸੀਨੀਅਰ ਆਗੂਆਂ, ਅਹੁਦੇਦਾਰਾ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਇਨ੍ਹਾਂ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੈਟਰੋਲ, ਡੀਜ਼ਲ, ਰਸੋਈ ਗੈਸ ਤੋਂ ਇਲਾਵਾ ਘਰ ਦੇ ਰਾਸ਼ਨ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਕਾਰਨ ਜਿੱਥੇ ਆਮ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਲਗਾਤਾਰ ਰਸੋਈ ਗੈਸ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ, ਦੂਜੇ ਪਾਸੇ ਘਰੇਲੂ ਗੈਸ ਸਿਲੰਡਰਾਂ `ਤੇ ਦਿੱਤੀ ਜਾਣ ਵਾਲੀ ਸਬਸਿਡੀ `ਤੇ ਰੋਕ ਲਗਾਈ ਜਾ ਰਹੀ ਹੈ। ਇਸ ਤਰ੍ਹਾਂ ਆਮ ਆਦਮੀ ਨੂੰ ਦੋਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਭੋਜਨ ਸਮੱਗਰੀ ਅਤੇ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਕਈਂ ਗੁਣਾ ਵਾਧਾ ਹੋ ਚੁੱਕਾ ਹੈ, ਜਿਸ ਨਾਲ ਲੋਕਾਂ ਦੀ ਆਰਥਿਕਤਾ `ਤੇ ਬਹੁਤਾ ਵੱਡਾ ਬੋਝ ਪਿਆ ਹੈ। ਲੋਕਾਂ ਵਿੱਚ ਮਹਿੰਗਾਈ ਨੂੰ ਲੈ ਕੇ ਵਧੀ ਨਾਰਾਜ਼ਗੀ ਨੂੰ ਵੇਖਦੇ ਹੋਏ ਪਾਰਟੀ ਵੱਲੋਂ ਸੂਬੇ ਵਿੱਚ ਜ਼ਿਲ੍ਹਾ ਪੱਧਰ `ਤੇ ਧਰਨੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਦੇ ਆਮ ਲੋਕਾ ਨੂੰ ਇਨ੍ਹਾਂ ਧਰਨਿਆ ਵਿੱਚ ਸ਼ਮੂਲੀਅਤ ਕਰਨ ਦੀ ਜ਼ੋਰਦਾਰ ਅਪੀਲ ਕੀਤੀ।